ਅਮਨ ਅਰੋੜਾ ਨੂੰ ਵਿਦੇਸ਼ ਜਾਣ ਦੀ ਨਹੀਂ ਮਿਲੀ ਆਗਿਆ

ਨਵੀਂ ਦਿੱਲੀ, 24 ਸਤੰਬਰ, ਹ.ਬ. : ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੂੰ ਯੂਰਪ ਦੇ ਅਧਿਕਾਰਤ ਦੌਰੇ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਮਨ ਅਰੋੜਾ ਨੇ ਜਰਮਨੀ, ਬੈਲਜੀਅਮ ਅਤੇ ਨੀਦਰਲੈਂਡ ਵਿੱਚ ਨਵੀਂ ਨਵਿਆਉਣਯੋਗ ਊਰਜਾ ਅਤੇ ਗ੍ਰੀਨ ਹਾਈਡ੍ਰੋਜਨ ਬਾਰੇ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨੀ ਸੀ। ਦਰਅਸਲ ’ਚ ਵਿਦੇਸ਼ ਮੰਤਰਾਲੇ ਨੇ ਅਮਨ ਅਰੋੜਾ ਦਾ ਨਾਂ ਇਸ ਦੌਰੇ ’ਤੇ ਆਉਣ ਵਾਲਿਆਂ ਦੀ ਸੂਚੀ ’ਚੋਂ ਹਟਾ ਦਿੱਤਾ ਹੈ, ਜਦਕਿ ਕੇਂਦਰ ਸਰਕਾਰ ਦੇ ਵਿੱਤ ਅਤੇ ਆਰਥਿਕ ਵਿਭਾਗ ਦੇ ਪੱਤਰ ’ਚ ਅਮਨ ਅਰੋੜਾ ਦਾ ਨਾਂ ਜਰਮਨੀ ਦਾ ਦੌਰਾ ਕਰਨ ਵਾਲੇ ਪੈਨਲ ’ਚ 12ਵੇਂ ਨੰਬਰ ’ਤੇ ਸੀ। ਵਿਦੇਸ਼ ਮੰਤਰਾਲੇ ਨੇ 13 ਲੋਕਾਂ ਦੀ ਸੂਚੀ ਵਿੱਚ ਅਮਨ ਅਰੋੜਾ ਨੂੰ ਛੱਡ ਕੇ ਬਾਕੀ ਸਾਰੇ ਲੋਕਾਂ ਦੇ ਨਾਵਾਂ ਨੂੰ ਕਲੀਅਰ ਕਰ ਦਿੱਤਾ ਹੈ। ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਉਨ੍ਹਾਂ ਦਾ ਦੌਰਾ ਸਿਆਸੀ ਕਾਰਨਾਂ ਕਰਕੇ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦਾ ਹੱਲ ਲੱਭਣ ਲਈ ਇਹ ਪ੍ਰੋਗਰਾਮ ਕਾਰਗਰ ਸਾਬਤ ਹੋ ਸਕਦਾ ਸੀ। ਕੇਂਦਰ ਸਰਕਾਰ ਨਹੀਂ ਚਾਹੁੰਦੀ ਕਿ ਦਿੱਲੀ ਅਤੇ ਪੰਜਾਬ ਸਰਕਾਰਾਂ ਪ੍ਰਦੂਸ਼ਣ ਦੀ ਸਮੱਸਿਆ ਦਾ ਹੱਲ ਕਰਨ।

Video Ad
Video Ad