ਅੰਮ੍ਰਿਤਸਰ, 24 ਅਪ੍ਰੈਲ, ਹ.ਬ. : ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਜੱਲੂਪੁਰ ਖੇੜਾ ਪਿੰਡ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਸੁਰੱਖਿਆ ਏਜੰਸੀਆਂ ਅੰਮ੍ਰਿਤਪਾਲ ਦੇ ਪਰਿਵਾਰ ’ਤੇ ਨਜ਼ਰ ਰੱਖ ਰਹੀਆਂ ਹਨ। ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ, ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਪਿੰਡ ਜੱਲੂਪੁਰ ਖੇੜਾ ਦੇ ਘਰ ਵਿਚ ਹੀ ਹਨ। ਅੰਮ੍ਰਿਤਪਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਵਾਲਿਆਂ ਦਾ ਰਿਕਾਰਡ ਵੀ ਸੰਭਾਲਿਆ ਜਾ ਰਿਹਾ ਹੈ। ਮਾਹੌਲ ਨੂੰ ਕਿਸੇ ਵੀ ਤਰ੍ਹਾਂ ਖਰਾਬ ਨਾ ਕਰਨ ਲਈ ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਵਾਧੂ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਹੈ। ਭਾਵੇਂ ਸਵੇਰ ਤੋਂ ਹੀ ਪਿੰਡ ਵਿੱਚ ਸੰਨਾਟਾ ਛਾਇਆ ਹੋਇਆ ਹੈ। ਪਿੰਡ ’ਚ ਆਉਣ-ਜਾਣ ਵਾਲੇ ਹਰ ਵਿਅਕਤੀ ਤੋਂ ਪੁੱਛਗਿੱਛ ਕਰਨ ਤੋਂ ਇਲਾਵਾ ਗਰਮ ਖਿਆਲੀ ਅਨਸਰਾਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਕਰੀਬ ਚਾਰ ਘੰਟੇ ਬਾਅਦ ਦੁਪਹਿਰ 12 ਵਜੇ ਦੇ ਕਰੀਬ ਉਸ ਦੇ ਪਿਤਾ ਤਰਸੇਮ ਸਿੰਘ ਪਿੰਡ ਜੱਲੂਪੁਰ ਖੇੜਾ ਵਿੱਚ ਮੀਡੀਆ ਸਾਹਮਣੇ ਪੇਸ਼ ਹੋਏ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਬਾਰੇ ਉਨ੍ਹਾਂ ਨੂੰ ਸਵੇਰੇ 7 ਵਜੇ ਮੀਡੀਆ ਤੋਂ ਪਤਾ ਲੱਗਾ। ਗ੍ਰਿਫਤਾਰੀ ਤੋਂ ਥੋੜ੍ਹੀ ਦੇਰ ਬਾਅਦ ਉਸ ਨੂੰ ਇਕ ਥਾਣੇਦਾਰ ਦਾ ਫੋਨ ਆਇਆ। ਉਸ ਨੇ ਇੰਸਪੈਕਟਰ ਨੂੰ ਪੁੱਛਿਆ ਕਿ ਕੀ ਉਹ ਅੰਮ੍ਰਿਤਪਾਲ ਨੂੰ ਮਿਲ ਸਕਦਾ ਹੈ। ਇਸ ਲਈ ਉਸ ਨੇ ਇਨਕਾਰ ਕਰ ਦਿੱਤਾ। ਪਰਿਵਾਰ ਦਾ ਕਹਿਣਾ ਹੈ ਕਿ ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਉਨ੍ਹਾਂ ਦੇ ਸੰਪਰਕ ਵਿੱਚ ਨਹੀਂ ਸੀ। ਇਸ ਮੁੱਦੇ ’ਤੇ ਅਗਲੇਰੀ ਕਾਨੂੰਨੀ ਮਦਦ ਲਈ ਜਾਵੇਗੀ। ਇਜਾਜ਼ਤ ਮਿਲਦੇ ਹੀ ਪਰਿਵਾਰਕ ਮੈਂਬਰ ਅੰਮ੍ਰਿਤਪਾਲ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਜਾਣਗੇ। ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਉਸ ਦੇ ਲੜਕੇ ਨੂੰ ਸਰਕਾਰ ਨੇ ਨਾਜਾਇਜ਼ ਫੜਿਆ ਹੈ, ਇਸ ਲਈ ਹੁਣ ਉਸ ਨੂੰ ਰਿਹਾਅ ਕੀਤਾ ਜਾਵੇ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੇਰੇ ਬੇਟੇ ਨੇ ਗ੍ਰਿਫਤਾਰੀ ਸਿੱਖੀ ਸਰੂਪ ਵਿਚ ਦਿੱਤੀ ਹੈ।