ਮੁਹਾਲੀ, 30 ਮਈ, ਹ.ਬ. : ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਰਾਜ ਮੰਤਰੀਆਂ ’ਤੇ ਸ਼ਿਕੰਜਾ ਕੱਸਿਆ ਹੈ। ਬਿਊਰੋ ਵੱਲੋਂ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਵਿਜੀਲੈਂਸ ਨੇ ਕਾਂਗੜ ਨੂੰ 31 ਮਈ ਅਤੇ ਬਲਬੀਰ ਸਿੰਘ ਸਿੱਧੂ ਨੂੰ 2 ਜੂਨ ਨੂੰ ਤਲਬ ਕੀਤਾ ਹੈ। ਇਹ ਦੋਵੇਂ ਇਸ ਵੇਲੇ ਭਾਜਪਾ ਦੇ ਸੀਨੀਅਰ ਆਗੂਆਂ ਵਿੱਚੋਂ ਹਨ। ਅਜਿਹੇ ’ਚ ਉਨ੍ਹਾਂ ਤੋਂ ਪੁੱਛਗਿੱਛ ਕਰਨਾ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਵਿਜੀਲੈਂਸ ਬਿਊਰੋ ਪਿਛਲੇ ਸਾਲ ਦੇ ਅਖੀਰ ਤੋਂ ਦੋ ਸਾਬਕਾ ਮੰਤਰੀਆਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਦੋਵਾਂ ਤੋਂ ਇਕ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ।