21 ਅਪੈ੍ਰਲ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਸੰਮਨ ਜਾਰੀ
ਚੰਡੀਗੜ੍ਹ, 19 ਅਪ੍ਰੈਲ, ਹ.ਬ. : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਬਾਅਦ ਹੁਣ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ’ਤੇ ਵਿਜੀਲੈਂਸ ਬਿਊਰੋ ਨੇ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ 21 ਅਪ੍ਰੈਲ ਨੂੰ ਸੰਮਨ ਜਾਰੀ ਕੀਤੇ ਹਨ। ਚੇਤੇ ਰਹੇ ਕਿ ਬਲਬੀਰ ਸਿੰਘ ਸਿੱਧੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਸਿਹਤ ਮੰਤਰੀ ਸਨ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਤੋਂ ਇਲਾਵਾ ਬਲਬੀਰ ਸਿੰਘ ਸਿੱਧੂ ’ਤੇ ਕੋਵਿਡ ਕਿੱਟਾਂ ਦੀ ਖਰੀਦ ’ਚ ਘਪਲੇ ਦਾ ਵੀ ਦੋਸ਼ ਹੈ। ਸਿੱਧੂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਸਿੱਧੂ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਰਹੇ ਹਨ। ਬਲਬੀਰ ਸਿੰਘ ਸਿੱਧੂ ਆਪਣੇ ’ਤੇ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸ ਰਹੇ ਹਨ। ਸਿੱਧੂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਜਾਂਚ ਲਈ ਪੂਰੀ ਤਰ੍ਹਾਂ ਤਿਆਰ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ 21 ਅਪ੍ਰੈਲ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ। ਚੰਨੀ ਪਿਛਲੇ ਦਿਨੀਂ ਵਿਜੀਲੈਂਸ ਸਾਹਮਣੇ ਪੇਸ਼ ਹੋਏ ਸਨ।