
ਤਲ ਅਵੀਵ, 16 ਜਨਵਰੀ, ਹ.ਬ. : ਇਜ਼ਰਾਈਲ ’ਚ ਹਜ਼ਾਰਾਂ ਲੋਕ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਖਿਲਾਫ ਸੜਕਾਂ ’ਤੇ ਉਤਰ ਆਏ ਹਨ। ਉਹ ਸਰਕਾਰ ਵੱਲੋਂ ਸੁਪਰੀਮ ਕੋਰਟ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕਰ ਰਹੇ ਹਨ। ਦਰਅਸਲ, ਇਜ਼ਰਾਈਲ ਸਰਕਾਰ ਨੇ ਸੁਪਰੀਮ ਕੋਰਟ ਨੂੰ ਲੈ ਕੇ ਇੱਕ ਮਤਾ ਜਾਰੀ ਕੀਤਾ ਹੈ। ਜੇਕਰ ਇਹ ਪ੍ਰਸਤਾਵ ਪਾਸ ਹੋ ਜਾਂਦਾ ਹੈ ਤਾਂ ਇਜ਼ਰਾਈਲ ਦੀ ਸੰਸਦ ਨੂੰ ਸੁਪਰੀਮ ਕੋਰਟ ਦੇ ਫੈਸਲਿਆਂ ਨੂੰ ਪਲਟਣ ਦਾ ਅਧਿਕਾਰ ਮਿਲ ਜਾਵੇਗਾ। ਜਿਸ ਕੋਲ ਪਾਰਲੀਮੈਂਟ ਵਿੱਚ ਬਹੁਮਤ ਹੋਵੇਗਾ ਉਹ ਸੁਪਰੀਮ ਕੋਰਟ ਦੇ ਫੈਸਲੇ ਨੂੰ ਪਲਟ ਸਕੇਗਾ। ਲੋਕਾਂ ਦਾ ਮੰਨਣਾ ਹੈ ਕਿ ਇਸ ਨਾਲ ਦੇਸ਼ ਦਾ ਲੋਕਤੰਤਰ ਅਤੇ ਸੁਪਰੀਮ ਕੋਰਟ ਕਮਜ਼ੋਰ ਹੋਵੇਗਾ। ਭ੍ਰਿਸ਼ਟਾਚਾਰ ਵਧੇਗਾ ਅਤੇ ਘੱਟ ਗਿਣਤੀਆਂ ਦੇ ਅਧਿਕਾਰ ਘਟਣਗੇ, ਇਸ ਲਈ ਉਹ ਇਕੱਠੇ ਹੋ ਕੇ ਆਪਣਾ ਵਿਰੋਧ ਦਰਜ ਕਰਵਾ ਰਹੇ ਹਨ। ਉਹ ਪੀਐਮ ਬੈਂਜਾਮਿਨ ਨੇਤਨਯਾਹੂ ਦੀ ਤੁਲਨਾ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕਰ ਰਹੇ ਹਨ।