
ਅੰਮ੍ਰਿਤਸਰ, 9 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅੰਮ੍ਰਿਤਸਰ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਕਿਸਾਨੀ ਅੰਦੋਲਨ ਦੀ ਸਫ਼ਲਤਾ ਲਈ ਅਰਦਾਸ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਦ ਕਰਦਿਆਂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਲਈ ਮੋਦੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ, ਪਰ ਕਿਸਾਨ ਸ਼ਾਂਤੀਪੂਰਵਕ ਢੰਗ ਨਾਲ ਆਪਣਾ ਪ੍ਰਦਰਸ਼ਨ ਜਾਰੀ ਰੱਖ ਰਹੇ ਹਨ। ਇਸ ਲਈ ਸਰਕਾਰ ਆਪਣੀਆਂ ਕੋਝੀਆਂ ਚਾਲਾਂ ਵਿੱਚ ਸਫ਼ਲ ਨਹੀਂ ਹੋਵੇਗਾ। ਇੱਕ ਨਾ ਇੱਕ ਦਿਨ ਉਸ ਨੂੰ ਕਿਸਾਨੀ ਅੰਦੋਲਨ ਅੱਗੇ ਝੁਕਣਾ ਪਏਗਾ ਤੇ ਕਿਸਾਨੀਆਂ ਦੀਆਂ ਜਾਇਜ਼ ਤੇ ਹੱਕੀਆਂ ਮੰਗਾਂ ਮੰਨਦੇ ਹੋਏ ਤਿੰਨੇ ਖੇਤੀ ਕਾਨੂੰਨ ਰੱਦ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਵਾਹਿਗੁਰੂ ਦੀ ਅਪਾਰ ਕਿਰਪਾ ਨਾਲ ਮੋਰਚਾ ਚੜ੍ਹਦੀ ਕਲਾ ਵਿਚ ਹੈ। ਕੋਰੋਨਾ ਮਹਾਮਾਰੀ ਸਬੰਧੀ ਉਨ੍ਹਾਂ ਕਿਹਾ ਕਿ ਕੋਰੋਨਾ ਕੋਈ ਬੀਮਾਰੀ ਨਹੀਂ ਸਗੋਂ ਇਕ ਸਿਆਸੀ ਬਿਮਾਰੀ ਹੈ, ਜੋ ਭਾਜਪਾ ਦੇ ਇਸ਼ਾਰੇ ਨਾਲ ਜਦੋਂ ਮਰਜ਼ੀ ਜਿੱਥੇ ਕਹਿਣ ਪਹੁੰਚ ਜਾਂਦੀ ਹੈ। ਇਸ ਮੌਕੇ ਉਨ੍ਹਾਂ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣ ’ਤੇ ਸੂਚਨਾ ਕੇਂਦਰ ਵਿਚ ਦਰਬਾਰ ਸਾਹਿਬ ਦੇ ਮੈਨੇਜਰ ਤੇ ਹੋਰਨਾਂ ਸ਼ਖਸੀਅਤਾਂ ਵੱਲੋਂ ਸਨਮਾਨ ਕੀਤਾ ਗਿਆ।