
ਚੰਡੀਗੜ੍ਹ, 8 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਕੇਂਦਰ ਸਰਕਾਰ ਨੇ ਕਣਕ ਖਰੀਦ ਸਬੰਧੀ ਸਿੱਧੀ ਅਦਾਇਗੀ ਬਾਰੇ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਇਹ ਜਾਣਕਾਰੀ ਕਣਕ ਦੀ ਫਸਲ ਦੀ ਖਰੀਦ ਦੋਰਾਨ ਸਿੱਧੀ ਅਦਾਇਗੀ ਦੇ ਫ਼ੈਸਲੇ ਅਤੇ ਲੈਂਡ ਰਿਕਾਰਡ ਨੂੰ ਆਨਲਾਈਨ ਕਰਨ ਬਾਰੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਫ਼ੈਸਲਿਆਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਮੰਤਰੀਆਂ ਦੇ ਸਮੂਹ ਵਲੋਂ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੀਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਦਿੱਤੀ ਗਈ।
ਇਸ ਵਫ਼ਦ ‘ਚ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸਨ ਆਸ਼ੂ, ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਵਿਜੇ ਇੰਦਰ ਸਿੰਗਲਾ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਅਤੇ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕੇ.ਏ.ਪੀ. ਸਿਨਹਾ ਸ਼ਾਮਿਲ ਸਨ।
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸਨ ਆਸ਼ੂ ਨੇ ਦੱਸਿਆ ਕਿ ਕੇਂਦਰੀ ਮੰਤਰੀ ਪੀਊਸ ਗੋਇਲ ਨਾਲ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਕਣਕ ਦੀ ਫਸਲ ਦੀ ਖਰੀਦ ਸਬੰਧੀ ਚਰਚਾ ਹੋਈ। ਆਸ਼ੂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਲੈਂਡ ਰਿਕਾਰਡ ਨੂੰ ਆਨਲਾਈਨ ਕਰਨ ਦਾ ਫ਼ੈਸਲਾ 6 ਮਹੀਨੇ ਲਈ ਟਾਲ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਦੇ ਵਫ਼ਦ ਵੱਲੋਂ ਸਿੱਧੀ ਅਦਾਇਗੀ (ਡੀ.ਬੀ.ਟੀ.) ਲੈਂਡ ਰਿਕਾਰਡ ਨੂੰ ਆਨਲਾਈਨ ਕਰਨ, ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.), ਕੇਂਦਰ ਸਰਕਾਰ ਵੱਲ ਖੜੇ ਪੰਜਾਬ ਦੇ ਵੱਖ ਵੱਖ ਬਕਾਇਆ ਰਾਸੀ ਨੂੰ ਜਲਦ ਜਾਰੀ ਕਰਨ ਅਤੇ ਪੰਜਾਬ ਦੇ ਗੁਦਾਮਾਂ ਵਿੱਚੋਂ ਕੇਂਦਰ ਸਰਕਾਰ ਦੇ ਅਨਾਜ ਦੀ ਜਲਦ ਚੁਕਾਈਂ ਕਰਨ ਬਾਰੇ ਚਰਚਾ ਕੀਤੀ ਗਈ।
ਆਸ਼ੂ ਨੇ ਦੱਸਿਆ ਕਿ ਕੇਂਦਰੀ ਮੰਤਰੀ ਪੀਊਸ ਗੋਇਲ ਨੇ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਦੀ ਬਕਾਇਆ ਰਾਸੀ ਜਾਰੀ ਕਰਨ ਬਾਰੇ ਕਿਹਾ ਕਿ ਸੂਬਾ ਸਰਕਾਰ ਇਸ ਫੰਡ ਵਿੱਚੋਂ ਪਹਿਲਾ ਖਰਚ ਕੀਤੀ ਗਈ ਰਾਸ਼ੀ ਦਾ ਹਿਸਾਬ ਦੇਵੇ, ਜਿਸ ‘ਤੇ ਪੰਜਾਬ ਦੇ ਵਫ਼ਦ ਨੇ ਕੇਂਦਰੀ ਮੰਤਰੀ ਨੂੰ ਕਿਹਾ ਕਿ ਉਹ ਇਸ ਸਬੰਧੀ ਆਡਿਟ ਕਰਵਾ ਸਕਦੇ ਹਨ, ਕਿਉਂਕਿ ਪੰਜਾਬ ਸਰਕਾਰ ਨੇ ਦਿਹਾਤੀ ਵਿਕਾਸ ਫੰਡ ਦਾ ਇਕ ਇਕ ਪੈਸਾ ਕਾਨੂੰਨ ਅਨੁਸਾਰ ਹੀ ਖਰਚ ਕੀਤਾ ਹੈ। ਇਸ ‘ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਿਹਾਤੀ ਵਿਕਾਸ ਫੰਡ ਦੇ ਖਰਚ ਸਬੰਧੀ ਦੁਬਾਰਾ ਰਿਪੋਰਟ ਭੇਜ ਦੇਵੇ, ਜਿਸ ਤੋਂ ਬਾਅਦ ਕੇਂਦਰ ਸਰਕਾਰ ਦਿਹਾਤੀ ਵਿਕਾਸ ਫੰਡ ਦੀ ਬਕਾਇਆ 2 ਫ਼ੀਸਦ ਰਾਸ਼ੀ ਜਾਰੀ ਕਰ ਦੇਵੇਗੀ।
ਕੇਂਦਰੀ ਮੰਤਰੀ ਨੇ ਇਸ ਮੌਕੇ ਪੰਜਾਬ ਨੂੰ ਕੇਂਦਰ ਵਲੋਂ ਜਾਰੀ ਕੀਤੇ ਜਾਣ ਵਾਲੀਆਂ ਵੱਖ ਵੱਖ ਬਕਾਇਆ ਰਾਸ਼ੀ ਨੂੰ ਜਲਦ ਜਾਰੀ ਕਰਨ ਦਾ ਵੀ ਭਰੋਸਾ ਦਿੱਤਾ। ਅਖੀਰ ‘ਚ ਆਸ਼ੂ ਨੇ ਕਿਹਾ ਨਵੀਂ ਸਥਿਤੀ ਦੇ ਮੱਦੇਨਜਰ ਮਿਤੀ 9 ਅਪ੍ਰੈਲ 2021 ਨੂੰ ਆੜਤੀਆਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਨਵਾਂ ਮਕੈਨੀਜਮ ਵੀ ਤਲਾਸ਼ਿਆ ਜਾਵੇਗਾ।