ਕੋਰੋਨਾ ਵੈਕਸੀਨ ਟੀਕਾਕਰਨ : ਬਰਤਾਨੀਆ ਨੂੰ ਪਿੱਛੇ ਛੱਡ ਦੂਜੇ ਨੰਬਰ ‘ਤੇ ਪੁੱਜਾ ਭਾਰਤ

***ਅਮਰੀਕਾ ਮਗਰੋਂ ਸਭ ਤੋਂ ਵੱਧ ਲੋਕਾਂ ਨੂੰ ਦਿੱਤੀ ਵੈਕਸੀਨ
ਨਵੀਂ ਦਿੱਲੀ, 15 ਮਾਰਚ (ਹਮਦਰਦ ਨਿਊਜ਼ ਸਰਵਿਸ) : ਭਾਰਤ ਵਿੱਚ ਦੁਨੀਆ ਦੀ ਸਭ ਤੋਂ ਵੱਡੀ ਕੋਵਿਡ-19 ਟੀਕਾਕਰਨ ਮੁਹਿੰਮ ਚੱਲ ਰਹੀ ਹੈ। ਇਸ ਵਿਚਕਾਰ ਸਭ ਤੋਂ ਵੱਧ ਲੋਕਾਂ ਦਾ ਟੀਕਾਕਰਨ ਕਰਨ ਦੇ ਮਾਮਲੇ ਵਿੱਚ ਭਾਰਤ ਦੂਜੇ ਨੰਬਰ ‘ਤੇ ਪਹੁੰਚ ਗਿਆ ਹੈ। ਵੱਧ ਤੋਂ ਵੱਧ ਲੋਕਾਂ ਨੂੰ ਕੋਵਿਡ-19 ਟੀਕਾ ਲਾਉਣ ਦਾ ਮਾਮਲੇ ਵਿੱਚ ਭਾਰਤ ਸਿਰਫ਼ ਅਮਰੀਕਾ ਤੋਂ ਪਿੱਛੇ ਹੈ। ਭਾਰਤ ਵਿੱਚ ਹੁਣ ਤੱਕ 2.974 ਕਰੋੜ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ ਸ਼ਨਿੱਚਰਵਾਰ ਰਾਤ ਤੱਕ 2.431 ਕਰੋੜ ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ।
ਉੱਥੇ ਹੀ ਅਮਰੀਕਾ ਵਿੱਚ ਸ਼ਨਿੱਚਰਵਾਰ ਰਾਤ ਤੱਕ 10.113 ਕਰੋੜ ਲੋਕਾਂ ਨੂੰ ਵੈਕਸੀਨ ਦਿੱਤੀ ਜਾ ਚੁੱਕੀ ਹੈ। ਭਾਰਤ ਵਿੱਚ ਕੋਰੋਨਾ ਦੇ ਨਵੇਂ ਕੇਸਾਂ ਵਿੱਚ ਵਾਧਾ ਜਾਰੀ ਹੈ। ਐਤਵਾਰ ਨੂੰ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ। ਇਸ ਵਿਚਕਾਰ ਕੋਵਿਡ-19 ਟੀਕਾਕਰਨ ਵਿੱਚ ਤੇਜ਼ੀ ਲਿਆਂਦੀ ਗਈ ਹੈ। ਦੇਸ਼ ਵਿੱਚ ਹਰ ਰੋਜ਼ ਔਸਤਨ 12.6 ਲੱਖ ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਦਿੱਤੀ ਜਾ ਰਹੀ ਹੈ। ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਪਾਬੰਦੀਆਂ ਲਾਉਣ ਦੇ ਨਾਲ ਹੀ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਦੱਸਿਆ ਗਿਆ ਹੈ ਕਿ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਨ ਦੇ ਤਹਿਤ ਕੁੱਲ 2 ਕਰੋੜ 97 ਲੱਖ 38 409 ਤੋਂ ਵੱਧ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਾਇਆ ਜਾ ਚੁੱਕਾ ਹੈ। ਇਨ੍ਹਾਂ ਵਿੱਚੋਂ 2.431 ਕਰੋੜ ਲੋਕਾਂ ਨੂੰ ਕੋਰੋਨਾ ਦੀ ਪਹਿਲੀ ਖੁਰਾਕ ਦਿੱਤੀ ਗਈ ਹੈ। ਐਤਵਾਰ ਨੂੰ 15 ਲੱਖ 19 ਹਜ਼ਾਰ 952 ਲੋਕਾਂ ਨੂੰ ਕੋਰੋਨਾ ਦਾ ਟੀਕਾ ਲਾਇਆ ਗਿਆ। ਭਾਰਤ ਸਭ ਤੋਂ ਤੇਜ਼ੀ ਨਾਲ ਟੀਕਾਕਰਨ ਕਰਨ ਦੇ ਮਾਮਲੇ ਵਿੱਚ ਬਰਤਾਨੀਆ ਨੂੰ ਪਛਾੜਦੇ ਹੋਏ ਦੂਜੇ ਨੰਬਰ ‘ਤੇ ਪਹੁੰਚਿਆ ਹੈ।

Video Ad
Video Ad