
ਅੰਮ੍ਰਿਤਸਰ, 7 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨੀ ਅੰਦੋਲਨ ਬਾਰੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕਿਹਾ ਹੈ ਕਿ ਕਿਸਾਨ ਲੰਮੇ ਸਮੇਂ ਤੋਂ ਆਪਣੇ ਘਰਾਂ ਤੋਂ ਦੂਰ ਬੈਠੇ ਹਨ। ਸਰਕਾਰ ਨੂੰ ਉਨ੍ਹਾਂ ਦੇ ਮਸਲੇ ਦਾ ਹੱਲ ਜਲਦ ਤੋਂ ਜਲਦ ਕੱਢਣਾ ਚਾਹੀਦਾ ਹੈ। ਇਹ ਵਿਚਾਰ ਅੱਜ ਉਨ੍ਹਾਂ ਨੇ ਅੰਮ੍ਰਿਤਸਰ ’ਚ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਪ੍ਰਗਟ ਕੀਤੇ।
ਅੱਜ ਸਵੇਰੇ ਸੋਨੂ ਸੂਦ ਨੇ ਗੁਰੂ ਘਰ ਤੋਂ ਅਸ਼ੀਰਵਾਦ ਲਿਆ ਅਤੇ ਇਲਾਹੀ ਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਕੋਵਿਡ-19 ਮਹਾਂਮਾਰੀ ਦੇ ਕੇਸਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਲਈ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਗੁਰੂ ਘਰ ਵਿੱਚ ਮਹਾਂਮਾਰੀ ਦੇ ਖਾਤਮੇ ਲਈ ਵੀ ਅਰਦਾਸ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਾ ਕੇ ਰੱਖਣ, ਸਮਾਜਕ ਦੂਰੀ ਬਣਾਉਣ, ਹੱਥ ਧੋਣ ਅਤੇ ਸੁਚੇਤ ਰਹਿਣ ਦੀ ਅਪੀਲ ਕੀਤੀ।