Home ਤਾਜ਼ਾ ਖਬਰਾਂ ਜਲੰਧਰ ਲੋਕ ਸਭਾ ਹਲਕੇ ’ਚ ਚੱਲਿਆ ‘ਝਾੜੂ’

ਜਲੰਧਰ ਲੋਕ ਸਭਾ ਹਲਕੇ ’ਚ ਚੱਲਿਆ ‘ਝਾੜੂ’

0

ਸੁਸ਼ੀਲ ਕੁਮਾਰ ਰਿੰਕੂ 59 ਹਜ਼ਾਰ ਵੋਟਾਂ ਦੇ ਫਰਕ ਨਾਲ ਜੇਤੂ

ਕਰਨਾਟਕ ਵਿਚ ਕਾਂਗਰਸ ਨੇ ਭਾਜਪਾ ਨੂੰ ਦਿਤਾ ਧੋਬੀ ਪਟਕਾ

ਜਲੰਧਰ, 13 ਮਈ (ਵਿਸ਼ੇਸ਼ ਪ੍ਰਤੀਨਿਧ) : ਕਾਂਗਰਸ ਦੇ ਗੜ੍ਹ ਵਿਚ ਸੰਨ੍ਹ ਲਾਉਂਦਿਆਂ ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵੱਡੇ ਫਰਕ ਨਾਲ ਜਿੱਤ ਲਈ। ਆਪ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਕਾਂਗਰਸ ਦੀ ਕਰਮਜੀਤ ਕੌਰ ਚੌਧਰੀ ਨੂੰ 59 ਹਜ਼ਾਰ ਵੋਟਾਂ ਦੇ ਫਰਕ ਨਾਲ ਹਰਾਇਆ। ਸੰਗਰੂਰ ਲੋਕ ਸਭਾ ਹਲਕੇ ਦੀ ਹਾਰ ਮਗਰੋਂ ਜਲੰਧਰ ਦੀ ਚੋਣ ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਵਾਸਤੇ ਵੱਕਾਰ ਦਾ ਸਵਾਲ ਬਣ ਗਈ ਸੀ। ਉਧਰ ਕਰਨਾਟਕ ਵਿਚ ਕਾਂਗਰਸ ਨੇ ਬੀ.ਜੀ.ਪੀ. ਨੂੰ ਧੋਬੀ ਪਟਕਾ ਦਿੰਦਿਆਂ ਵੱਡੀ ਜਿੱਤ ਦਰਜ ਕੀਤੀ। ਕਾਂਗਰਸ ਵਿਚੋਂ ਕੱਢੇ ਸੁਸ਼ੀਲ ਕੁਮਾਰ ਰਿੰਕੂ ਨੂੰ ਤਿੰਨ ਲੱਖ ਤੋਂ ਵੱਧ ਵੋਟਾਂ ਪਈਆਂ ਜਦਕਿ ਮਰਹੂਮ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਤਕਰੀਬਨ 2 ਲੱਖ 43 ਹਜ਼ਾਰ ਵੋਟਾਂ ਹਾਸਲ ਕਰ ਸਕੇ। ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਤਕਰੀਬਨ 1 ਲੱਖ 58 ਹਜ਼ਾਰ ਵੋਟਾਂ ਨਾਲ ਤੀਜੇ ਸਥਾਨ ’ਤੇ ਰਹੇ ਜਦਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਨੂੰ ਇਕ ਲੱਖ 34 ਹਜ਼ਾਰ ਤੋਂ ਵੱਧ ਵੋਟਾਂ ਲੈ ਕੇ ਚੌਥੇ ਸਥਾਨ ’ਤੇ ਰਹੇ। ਜਲੰਧਰ ਦੇ ਲਤੀਫ਼ਪੁਰਾ ਵਿਚ ਨਾਜਾਇਜ਼ ਤਰੀਕੇ ਨਾਲ ਬਣਾਏ ਮਕਾਨ ਢਾਹੁਣ ਦੀ ਘਟਨਾ, ਅੰਮ੍ਰਿਤਸਰ ਵਿਚ ਦਰਬਾਰ ਸਾਹਿਬ ਨੇੜੇ ਇਕ ਮਗਰੋਂ ਇਕ ਤਿੰਨ ਧਮਾਕੇ ਅਤੇ ਵੀਡੀਓ ਲੀਕ ਮਾਮਲਾ ਸਾਹਮਣੇ ਆਉਣ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਿਹਤਰ ਮੰਨੀ ਜਾ ਸਕਦੀ ਹੈ। ਉਸ ਵੇਲੇ ਜਲੰਧਰ ਵਿਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿਚੋਂ ਚਾਰ ਹੀ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਗਏ ਸਨ ਪਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਸੱਤਾਧਾਰੀ ਧਿਰ ਨੇ 7 ਹਲਕਿਆਂ ਵਿਚ ਜਿੱਤ ਦਰਜ ਕੀਤੀ। ਜਿੱਤ ਦਾ ਰਸਮੀ ਐਲਾਨ ਹੋਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਰਵਾਨਾ ਹੋ ਗਏ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਖੁਸ਼ੀ ਸਾਂਝੀ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਵਿਕਾਸ ਨੂੰ ਵੋਟ ਪਾਈ।