ਜੰਮੂ-ਕਸ਼ਮੀਰ ਦੇ ਸਾਰੇ ਸਰਕਾਰੀ ਦਫ਼ਤਰਾਂ ‘ਚ 15 ਦਿਨਾਂ ਦੇ ਅੰਦਰ ਤਿਰੰਗਾ ਲਹਿਰਾਉਣ ਦੇ ਆਦੇਸ਼ ਜਾਰੀ

ਸ੍ਰੀਨਗਰ, 29 ਮਾਰਚ (ਹਮਦਰਦ ਨਿਊਜ਼ ਸਰਵਿਸ) : ਜੰਮੂ ਕਸ਼ਮੀਰ ਦੇ ਰਾਜਪਾਲ ਮਨੋਜ ਸਿਨਹਾ ਨੇ ਇੱਥੋਂ ਦੇ ਸਾਰੇ ਸਰਕਾਰੀ ਦਫ਼ਤਰਾਂ ‘ਚ ਤਿਰੰਗਾ ਝੰਡਾ ਲਹਿਰਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਬਾਅਦ ਮੰਡਲ ਕਮਿਸ਼ਨਰ ਦਫ਼ਤਰ ਜੰਮੂ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਵਿਭਾਗ ਦੇ ਮੁਖੀਆਂ ਨੂੰ ਅਗਲੇ 15 ਦਿਨਾਂ ਦੇ ਅੰਦਰ ਸਾਰੀਆਂ ਸਰਕਾਰੀ ਇਮਾਰਤਾਂ ‘ਤੇ ਕੌਮੀ ਝੰਡਾ ਲਹਿਰਾਉਣ ਸਬੰਧੀ ਆਦੇਸ਼ ਦਿੱਤੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ ਦੇ ਮੰਡਲ ਕਮਿਸ਼ਨਰ, ਜੰਮੂ ਡਿਵੀਜ਼ਨ ਦੇ ਵੱਖ-ਵੱਖ ਵਿਭਾਗਾਂ ਦੇ ਡਿਪਟੀ ਕਮਿਸ਼ਨਰਾਂ/ਮੰਡਲ ਮੁਖੀਆਂ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ।
ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਹਾਲ ਹੀ ‘ਚ ਡਵੀਜ਼ਨਲ ਕਮਿਸ਼ਨਰਾਂ, ਜ਼ਿਲ੍ਹਾ ਮੈਜਿਸਟ੍ਰੇਟਾਂ, ਐਸ.ਪੀ. ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਦੌਰਾਨ ਉਨ੍ਹਾਂ ਜੰਮੂ-ਕਸ਼ਮੀਰ ਦੇ ਸਾਰੇ 20 ਜ਼ਿਲ੍ਹਿਆਂ ਦੇ ਡੀਸੀ, ਐਸਪੀ ਨੂੰ ਹਦਾਇਤ ਕੀਤੀ ਸੀ ਕਿ ਉਹ ਸਾਰੇ ਸਰਕਾਰੀ ਇਮਾਰਤਾਂ ‘ਤੇ ਰਾਸ਼ਟਰੀ ਝੰਡਾ ਲਹਿਰਾਉਣਾ ਯਕੀਨੀ ਬਣਾਉਣ।
ਉਪ ਰਾਜਪਾਲ ਨੇ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਤਹਿਤ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਂਦੇ ਹੋਏ ਜ਼ਿਲ੍ਹਾ ਅਧਿਕਾਰੀਆਂ ਨੂੰ ਉਨ੍ਹਾਂ ਦੇ ਖੇਤਰਾਂ ਦੇ ਉਨ੍ਹਾਂ ਲੋਕਾਂ ਦੀ ਪਛਾਣ ਕਰਨ ਲਈ ਕਿਹਾ, ਜਿਨ੍ਹਾਂ ਨੇ ਆਜ਼ਾਦੀ ਸੰਗਰਾਮ ‘ਚ ਅਹਿਮ ਭੂਮਿਕਾ ਨਿਭਾਈ ਹੈ। ਸਮਾਗਮ ‘ਚ ਉਸ ਨੂੰ ਸਨਮਾਨਿਤ ਕੀਤਾ ਜਾਵੇਗਾ।
ਦੱਸ ਦੇਈਏ ਕਿ ਧਾਰਾ-370 ਨੂੰ ਰੱਦ ਕਰਨ ਤੋਂ ਬਾਅਦ ਹੁਣ ਜੰਮੂ ਕਸ਼ਮੀਰ ‘ਚ ਸਿਰਫ਼ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਸੂਬੇ ‘ਚ ਸੰਵਿਧਾਨ ਦੀ ਧਾਰਾ-144 ਦੇ ਤਹਿਤ ਲਾਲ ਰੰਗ ਦਾ ਝੰਡਾ ਸਵੀਕਾਰ ਕੀਤਾ ਗਿਆ ਸੀ। 7 ਜੁਲਾਈ 1952 ਨੂੰ ਜੰਮੂ ਕਸ਼ਮੀਰ ਦੀ ਸੰਵਿਧਾਨ ਸਭਾ ਨੇ ਇਕ ਆਰਡੀਨੈਂਸ ਪਾਸ ਕਰਕੇ 11 ਜੁਲਾਈ 1939 ਦੇ ਝੰਡੇ ਨੂੰ ਸੂਬੇ ਦੇ ਅਧਿਕਾਰਤ ਝੰਡੇ ਵਜੋਂ ਸਵੀਕਾਰ ਕੀਤਾ ਸੀ।

Video Ad
Video Ad