
ਚੰਡੀਗੜ੍ਹ, 20 ਜੁਲਾਈ, ਹ.ਬ. : ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦਲੇਰ ਨੇ ਕਬੂਤਰਬਾਜ਼ੀ ਮਾਮਲੇ ’ਚ 2 ਸਾਲ ਦੀ ਸਜ਼ਾ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ। ਉਸ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੁੱਛਿਆ ਕਿ ਦਲੇਰ ਕਿੰਨੇ ਸਮੇਂ ਤੋਂ ਜੇਲ੍ਹ ਵਿੱਚ ਹੈ। ਇਸ ’ਤੇ ਮਹਿੰਦੀ ਦੇ ਵਕੀਲ ਨੇ ਕਿਹਾ ਕਿ ਅਜੇ ਥੋੜਾ ਸਮਾਂ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 15 ਸਤੰਬਰ ਨੂੰ ਹੋਵੇਗੀ। ਦਲੇਰ ਨੇ ਕਬੂਤਰਬਾਜ਼ੀ ਮਾਮਲੇ ’ਚ ਸਜ਼ਾ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿਚ ਉਸ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਸਮੇਂ ਦਲੇਰ ਪਿਛਲੇ 6 ਦਿਨਾਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਉਹ ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੱਧੂ ਦੇ ਨਾਲ ਜੇਲ੍ਹ ਇੱਕੋ ਬੈਰਕ ਵਿਚ ਹਨ। ਦਲੇਰ ਜੇਲ੍ਹ ਜਾਣ ਤੋਂ ਬਾਅਦ ਬਹੁਤ ਦੁਖੀ ਹੈ। ਦੂਜੇ ਪਾਸੇ ਨਵਜੋਤ ਸਿੱਧੂ ਨੇ ਉਨ੍ਹਾਂ ਦਾ ਹੌਸਲਾ ਵਧਾਇਆ।