ਕਪੂਰਥਲਾ, 24 ਅਪ੍ਰੈਲ, ਹ.ਬ. : ਕਪੂਰਥਲਾ ਸ਼ਹਿਰ ਦੇ ਅੰਮ੍ਰਿਤਸਰ ਰੋਡ ’ਤੇ ਸਥਿਤ ਗੁਰਦੁਆਰਾ ਸ੍ਰੀ ਬਾਵੀਆਂ ਸਾਹਿਬ ਵਿਖੇ ਸਵੇਰੇ ਨਿਹੰਗ ਸਿੰਘਾਂ ਦੇ ਦੋ ਧੜਿਆਂ ਵਿਚਾਲੇ ਝਗੜਾ ਹੋ ਗਿਆ, ਜਿਸ ਦੌਰਾਨ ਨਿਹੰਗ ਸਿੰਘਾਂ ਦੇ ਦੋ ਧੜਿਆਂ ਨੇ ਇੱਕ ਦੂਜੇ ’ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਮੁਢਲੀ ਜਾਣਕਾਰੀ ਅਨੁਸਾਰ ਝੜਪ ਦੌਰਾਨ 4 ਵਿਅਕਤੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਕਪੂਰਥਲਾ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਕ ਜ਼ਖਮੀ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।
ਐਸਪੀ ਹਰਵਿੰਦਰ ਸਿੰਘ ਪੁਲਸ ਟੀਮ ਨਾਲ ਮੌਕੇ ’ਤੇ ਪੁੱਜੇ। ਕੁੱਟਮਾਰ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਦੇ ਅੰਮ੍ਰਿਤਸਰ ਰੋਡ ’ਤੇ ਸਥਿਤ ਗੁਰਦੁਆਰਾ ਸ੍ਰੀ ਬਾਵੀਆਂ ਸਾਹਿਬ ’ਚ ਪਿਛਲੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ, ਹਾਲ ਹੀ ’ਚ ਸੇਵਾ ਦੀ ਜ਼ਿੰਮੇਵਾਰੀ ਟੁਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਨੂੰ ਸੌਂਪੀ ਗਈ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 2 ਨਿਹੰਗਾਂ ਨੇ ਗੁਰਦੁਆਰਾ ਸਾਹਿਬ ਵਿੱਚ ਆ ਕੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਝਗੜਾ ਇੰਨਾ ਵੱਧ ਗਿਆ ਕਿ ਉਨ੍ਹਾਂ ਨੇ ਕਿਰਪਾਨਾਂ ਨਾਲ ਇੱਕ ਦੂਜੇ ’ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਜ਼ਖ਼ਮੀਆਂ ਵਿੱਚ ਕਮਲਜੀਤ ਸਿੰਘ (ਗਿੰਨੀ ਬਾਵਾ), ਮਨਜੀਤ ਬਹਾਦਰ ਸਿੰਘ ਬਾਵਾ, ਦਵਿੰਦਰ ਕੌਰ ਅਤੇ ਸਿਮਰਨਜੀਤ ਸਿੰਘ ਸ਼ਾਮਲ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਗਿੰਨੀ ਬਾਵਾ ਦੀ ਹਾਲਤ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਹੈ।