
ਮੋਗਾ, 17 ਫ਼ਰਵਰੀ, ਹ.ਬ. : ਪਤਨੀ ਦੀ ਬੇਵਫਾਈ ਤੋਂ ਦੁਖੀ ਪਤੀ ਨੇ ਖੁਦਕੁਸ਼ੀ ਕਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਘਟਨਾ ਮੋਗਾ ਜ਼ਿਲ੍ਹੇ ਦੇ ਪਿੰਡ ਖੋਟੇ ਦੀ ਹੈ। ਪਤਨੀ ਆਪਣੇ ਪ੍ਰੇਮੀ ਨਾਲ ਵੈਲੇਨਟਾਈਨ ਡੇ ਮਨਾ ਕੇ ਵਾਪਸ ਪਰਤੀ ਸੀ। ਇਸ ਤੋਂ ਪਤੀ ਦੁਖੀ ਹੋ ਗਿਆ। ਉਸ ਨੇ ਆਪਣੇ ਆਪ ਨੂੰ ਅੱਗ ਲਗਾ ਲਈ। ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਪਤਨੀ ਅਤੇ ਉਸ ਦੇ ਪ੍ਰੇਮੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਜਗਤਾਰ ਸਿੰਘ ਵਜੋਂ ਹੋਈ ਹੈ। ਪੁਲਸ ਨੇ ਪਿੰਡ ਖੋਟੇ ਵਾਸੀ ਜਗਤਾਰ ਸਿੰਘ ਦੀ ਪਤਨੀ ਰਮਨਦੀਪ ਕੌਰ ਅਤੇ ਉਸ ਦੇ ਪ੍ਰੇਮੀ ਬਾਜ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰੇਮੀ ਬਾਜ ਸਿੰਘ ਬਰਨਾਲਾ ਜ਼ਿਲ੍ਹੇ ਦੇ ਪਿੰਡ ਉਗੋਕੇ ਦਾ ਵਸਨੀਕ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਅਨੁਸਾਰ ਮਨਜੀਤ ਕੌਰ ਵਾਸੀ ਹਿੰਮਤਪੁਰਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਲੜਕੇ ਜਗਤਾਰ ਸਿੰਘ (35) ਦਾ ਕਰੀਬ 12 ਸਾਲ ਪਹਿਲਾਂ ਪਿੰਡ ਖੋਟੇ ਦੀ ਰਹਿਣ ਵਾਲੀ ਰਮਨਦੀਪ ਕੌਰ ਨਾਲ ਵਿਆਹ ਹੋਇਆ ਸੀ। ਰਮਨਦੀਪ ਕੌਰ ਦੇ ਪਿੰਡ ਉਗੋਕੇ ਵਾਸੀ ਬਾਜ ਸਿੰਘ ਨਾਲ ਨਾਜਾਇਜ਼ ਸਬੰਧ ਸਨ। ਦੋਵੇਂ ਅਕਸਰ ਮਿਲਦੇ ਰਹਿੰਦੇ ਸਨ। 14 ਫਰਵਰੀ ਨੂੰ ਵੈਲੇਨਟਾਈਨ ਡੇਅ ਵਾਲੇ ਦਿਨ ਉਹ ਆਪਣੇ ਪ੍ਰੇਮੀ ਨੂੰ ਮਿਲਣ ਗਈ ਸੀ। ਸ਼ਾਮ ਨੂੰ ਜਦੋਂ ਉਹ ਘਰ ਵਾਪਸ ਆਈ ਤਾਂ ਪਤੀ ਨੇ ਉਸ ਤੋਂ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਸ਼ੁਰੂ ਹੋ ਗਿਆ। ਪਤਨੀ ਦੀ ਬੇਵਫ਼ਾਈ ਤੋਂ ਦੁਖੀ ਹੋ ਕੇ ਪਤੀ ਜਗਤਾਰ ਸਿੰਘ ਨੇ ਖੁਦ ਨੂੰ ਅੱਗ ਲਗਾਈ। ਅੱਗ ਵਿਚ ਉਹ ਬੁਰੀ ਤਰ੍ਹਾਂ ਝੁਲਸ ਗਿਆ। ਰਿਸ਼ਤੇਦਾਰਾਂ ਨੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ। ਜਿੱਥੇ ਉਸ ਦੀ ਮੌਤ ਹੋ ਗਈ।