ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ
ਖੁਫ਼ੀਆ ਏਜੰਸੀਆਂ ਦੀ ਰਿਪੋਰਟ ’ਤੇ ਮਿਲੀ ਸੁਰੱਖਿਆ
ਚੰਡੀਗੜ੍ਹ, 1 ਜੂਨ, ਹ.ਬ. : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਟੀਮ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਨੂੰ ਪੰਜਾਬ ਅਤੇ ਦਿੱਲੀ ਵਿੱਚ ਜ਼ੈਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ। ਪੰਜਾਬ ਪੁਲਿਸ ਦੀ ਸਪੈਸ਼ਲ ਟੀਮ ਅਤੇ ਸੀਐਮ ਦੀ ਸੁਰੱਖਿਆ ਉਨ੍ਹਾਂ ਲਈ ਕਾਫੀ ਹੈ। ਇਸ ਫੈਸਲੇ ਦਾ ਕਾਰਨ ਦੱਸਦੇ ਹੋਏ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪੰਜਾਬ ਅਤੇ ਦਿੱਲੀ ਵਿੱਚ ਦੋ ਸੁਰੱਖਿਆ ਸਰਕਲ ਹੋਣ ਕਾਰਨ ਸਮੱਸਿਆ ਆ ਸਕਦੀ ਹੈ।
ਉਨ੍ਹਾਂ ਲਿਖਿਆ ਕਿ 2 ਕਮਾਂਡਾਂ ਕਾਰਨ ਸੁਰੱਖਿਆ ’ਚ ਨੁਕਸਾਨ ਹੋ ਸਕਦਾ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਨੇ 25 ਮਈ ਨੂੰ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਸਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀਵੀਆਈਪੀ ਸੁਰੱਖਿਆ ਨਾਲ ਸਬੰਧਤ ਖੁਫੀਆ ਏਜੰਸੀਆਂ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਇਹ ਫੈਸਲਾ ਲਿਆ ਹੈ। ਜ਼ੈਡ ਪਲੱਸ ਸੁਰੱਖਿਆ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਹੇਠ 55 ਕਮਾਂਡੋ ਤਾਇਨਾਤ ਕੀਤੇ ਜਾਣੇ ਸਨ। ਜਿਸ ਵਿੱਚ 10 ਤੋਂ ਵੱਧ ਐਨਐਸਜੀ ਕਮਾਂਡੋ ਸ਼ਾਮਲ ਹੁੰਦੇ ਹਨ।