Home ਪੰਜਾਬ ਪੰਜਾਬ ਦੇ ਸਾਰੇ ਪ੍ਰਾਇਮਰੀ ਸਿਹਤ ਕੇਂਦਰ ਕੋਰੋਨਾ ਟੀਕਾਕਰਨ ਸੈਂਟਰ ਐਲਾਨੇ

ਪੰਜਾਬ ਦੇ ਸਾਰੇ ਪ੍ਰਾਇਮਰੀ ਸਿਹਤ ਕੇਂਦਰ ਕੋਰੋਨਾ ਟੀਕਾਕਰਨ ਸੈਂਟਰ ਐਲਾਨੇ

0
ਪੰਜਾਬ ਦੇ ਸਾਰੇ ਪ੍ਰਾਇਮਰੀ ਸਿਹਤ ਕੇਂਦਰ ਕੋਰੋਨਾ ਟੀਕਾਕਰਨ ਸੈਂਟਰ ਐਲਾਨੇ

***ਸੂਬੇ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਮੀਖਿਆ ਬੈਠਕ ਦੌਰਾਨ ਲਿਆ ਫ਼ੈਸਲਾ
ਚੰਡੀਗੜ੍ਹ, 15 ਮਾਰਚ (ਹਮਦਰਦ ਨਿਊਜ਼ ਸਰਵਿਸ) : ਕੋਰੋਨਾ ਦੇ ਵਧਦੇ ਮਾਮਲਿਆਂ ਵਿਚਕਾਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਕੋਵਿਡ-19 ਵੈਕਸੀਨੇਸ਼ਨ ਸੈਂਟਰ ਐਲਾਨ ਦਿੱਤਾ ਹੈ। ਸੂਬੇ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਮੀਖਿਆ ਬੈਠਕ ਦੌਰਾਨ ਇਹ ਫ਼ੈਸਲਾ ਲਿਆ। ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਹਫਤੇ ਦੇ ਸੱਤ ਦਿਨ ਕੋਵਿਡ-19 ਵੈਕਸੀਨੇਸ਼ਨ ਦਾ ਕੰਮ ਸ਼ੁਰੂ ਕੀਤਾ ਜਾਵੇ।
ਸਮੀਖਿਆ ਬੈਠਕ ਵਿੱਚ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਮੁਖੀਆਂ, ਮਿਊਂਸਪਲ ਕਮਿਸ਼ਨਰਾਂ, ਸਿਵਲ ਸਰਜਨਾਂ ਤੇ ਹੋਰ ਅਧਿਕਾਰੀਆਂ ਨੇ ਹਿੱਸਾ ਲਿਆ। ਬੈਠਕ ਵਿੱਚ ਕੋਵਿਡ-19 ਦੇ ਵਧਦੇ ਮਾਮਲਿਆਂ ਨਾਲ ਨਜਿੱਠਣ ਲਈ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਉਣ ਅਤੇ ਕੋਵਿਡ-19 ‘ਤੇ ਕੰਟਰੋਲ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ।
ਮੁੱਖ ਸਕੱਤਰ ਨੇ ਮੀਟਿੰਗ ਦੌਰਾਨ ਮੈਡੀਕਲ ਮਾਹਰਾਂ ਨਾਲ ਵਿਸਥਾਰ ਨਾਲ ਚਰਚਾ ਕੀਤੀ ਅਤੇ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਉਨ੍ਹਾਂ ਦੀ ਰਾਏ ਮੰਗੀ। ਬੈਠਕ ਵਿੱਚ ਮੁੱਖ ਸਕੱਤਰ ਵਿਨੀ ਮਹਾਜਨ ਨੇ ਸੂਬੇ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਮੌਜੂਦਾ ਵਾਧੇ ਨਾਲ ਨਜਿੱਠਣ ਲਈ ਚੁੱਕੇ ਗਏ ਐਮਰਜੰਸੀ ਕਦਮਾਂ ਦਾ ਜਾਇਜ਼ਾ ਲਿਆ। ਕੋਵਿਡ-19 ਦੀ ਤੀਜੀ ਲਹਿਰ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਨੂੰ ਫੈਲਣ ਤੋਂ ਰੋਕਣ ਲਈ ਟੈਸਟਿੰਗ ਵਧਾਉਣ ਲਈ ਵੀ ਕਿਹਾ।
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਨੇ ਪਿਛਲੇ ਸਾਲ ਸਤੰਬਰ ਵਿੱਚ ਕੋਵਿਡ-19 ਦਾ ਪਹਿਲਾ ਸਿਖ਼ਰ ਦੇਖਿਆ, ਤਦ ਇੱਕ ਦਿਨ ਵਿੱਚ 2896 ਮਾਮਲੇ ਸਾਹਮਣੇ ਆਏ ਸਨ। ਇਸ ਤੋਂ ਬਾਅਦ ਦੂਜਾ ਸਿਖਰ ਨਵੰਬਰ ਵਿੱਚ ਦੇਖਿਆ ਗਿਆ, ਜਦੋਂ ਇੱਕ ਦਿਨ ਵਿੱਚ 843 ਕੇਸ ਸਾਹਮਣੇ ਆਏ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਦਿੱਤੀ ਕਿ ਉਹ ਹਫ਼ਤੇ ਦੇ ਸਾਰੇ ਦਿਨਾਂ ਲਈ ਸਾਰੇ ਚੁਣੇ ਗਏ ਹਸਪਤਾਲਾਂ ਵਿੱਚ ਕੋਵਿਡ-19 ਵੈਕਸੀਨੇਸ਼ਨ ਕਰਨ ਅਤੇ ਸਾਰੇ ਪਬਲਿਕ ਹੈਲਥ ਕੇਂਦਰਾਂ ਸਣੇ ਹੋਰ ਸਰਕਾਰੀ ਤੇ ਨਿੱਜੀ ਸਿਹਤ ਸਹੂਲਤਾਂ ਨੂੰ ਟੀਕਾਕਰਨ ਕੇਂਦਰਾਂ ਦੇ ਤੌਰ ‘ਤੇ ਵਰਤਣ ਲਈ ਕਿਹਾ।