ਫਰੀਦਕੋਟ, 23 ਮਈ, ਹ.ਬ. : ਫਰੀਦਕੋਟ ਦੇ ਬਰਗਾੜੀ ਬੇਅਦਬੀ ਕਾਂਡ ਦੇ ਮਾਸਟਰਮਾਈਂਡ ਸੰਦੀਪ ਬਰੇਟਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਹ ਡੇਰਾ ਸੱਚਾ ਸੌਦਾ ਸਿਰਸਾ ਦੀ ਕੌਮੀ ਕਮੇਟੀ ਦਾ ਮੈਂਬਰ ਹੈ। ਬਰਗਾੜੀ ਬੇਅਦਬੀ ਦੀਆਂ ਤਿੰਨੋਂ ਘਟਨਾਵਾਂ ਵਿੱਚ ਨਾਮਜ਼ਦ ਹੈ। ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ ਸੰਦੀਪ ਬਰੇਟਾ ਸਮੇਤ ਦੋ ਹੋਰ ਕਮੇਟੀ ਮੈਂਬਰਾਂ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ। ਫ਼ਰੀਦਕੋਟ ਜ਼ਿਲ੍ਹੇ ਦੀ ਪੁਲਿਸ ਟੀਮ ਬੰਗਲੌਰ ਲਈ ਰਵਾਨਾ ਹੋ ਗਈ ਹੈ। ਮਾਮਲੇ ਨਾਲ ਸਬੰਧਤ ਤਿੰਨੋਂ ਘਟਨਾਵਾਂ ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਨੇ ਰਾਮ ਰਹੀਮ ਅਤੇ ਹੋਰ ਡੇਰਾ ਪੈਰੋਕਾਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ, ਜਿਨ੍ਹਾਂ ਨੂੰ ਪੁਲਸ ਨੇ ਖਤਮ ਕਰਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਕੀਤੀ ਸੀ।