Home ਪੰਜਾਬ ਭਾਜਪਾ ਵਿਧਾਇਕ ਦੇ ਕੁਟਾਪਾ ਮਾਮਲੇ ’ਚ ਰਾਜਪਾਲ ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਜਵਾਬ

ਭਾਜਪਾ ਵਿਧਾਇਕ ਦੇ ਕੁਟਾਪਾ ਮਾਮਲੇ ’ਚ ਰਾਜਪਾਲ ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਜਵਾਬ

0
ਭਾਜਪਾ ਵਿਧਾਇਕ ਦੇ ਕੁਟਾਪਾ ਮਾਮਲੇ ’ਚ ਰਾਜਪਾਲ ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਜਵਾਬ

ਚੰਡੀਗੜ੍ਹ, 29 ਮਾਰਚ (ਹਮਦਰਦ ਨਿਊਜ਼ ਸਰਵਿਸ) : ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦੌਰ ਨੇ ਭਾਜਪਾ ਵਿਧਾਇਕ ਅਰੁਣ ਨਾਰੰਗ ’ਤੇ ਹਮਲੇ ਅਤੇ ਉਨ੍ਹਾਂ ਦੇ ਕੱਪੜੇ ਪਾੜੇ ਜਾਣ ਦੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕੀਤੀ ਅਤੇ ਇਸ ਘਟਨਾ ’ਤੇ ਗੰਭੀਰ ਚਿੰਤਾ ਜਤਾਈ। ਇਸ ਦੇ ਨਾਲ ਹੀ ਰਾਜਪਾਲ ਨੇ ਘਟਨਾਕ੍ਰਮ ਨੂੰ ਲੈ ਕੇ ਕੈਪਟਨ ਸਰਕਾਰ ਕੋਲੋਂ ਕਾਰਵਾਈ ਰਿਪੋਰਟ ਵੀ ਮੰਗ ਲਈ ਹੈ। ਉੱਧਰ ਪੁਲਿਸ ਨੇ ਭਾਜਪਾ ਵਿਧਾਇਕ ਅਤੇ ਪੁਲਿਸ ਦਸਤਿਆਂ ’ਤੇ ਹਮਲਾ ਕਰਨ ਦੇ ਦੋਸ਼ ਵਿੱਚ ਮਲੋਟ ’ਚ 4 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਤੋਂ ਪਹਿਲਾਂ ਐਤਵਾਰ ਨੂੰ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਅਗਵਾਈ ਵਿੱਚ ਭਾਜਪਾ ਦੇ ਇੱਕ ਵਫ਼ਦ ਨੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਸੀ। ਇਸ ’ਚ ਦੋਸ਼ ਲਾਇਆ ਗਿਆ ਸੀ ਕਿ ਕਾਂਗਰਸ ਦੇ ਇਸ਼ਾਰੇ ’ਤੇ ਭਾਜਪਾ ਦੇ ਵਰਕਰਾਂ ਅਤੇ ਨੇਤਾਵਾਂ ’ਤੇ ਹਮਲੇ ਵਧ ਰਹੇ ਹਨ।
ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ ਭਾਜਪਾ ਵਿਧਾਇਕ ’ਤੇ ਹੋਇਆ ਹਿੰਸਕ ਹਮਲਾ ਸੱਤਾਧਾਰੀ ਪਾਰਟੀ ਦੇ ਸਮਰਥਨ ਪ੍ਰਾਪਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤਾ ਗਿਆ। ਇਹ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਸੀ। ਉਨ੍ਹਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕਰਨ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਹਾਲ ਕਰਨ ਦੀ ਮੰਗ ਕੀਤੀ ਸੀ।
ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਭਾਜਪਾ ਵਿਧਾਇਕ ’ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਹਿੰਸਕ ਹਮਲਿਆਂ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਤਰ੍ਹਾਂ ਦੀਆਂ ਘਟਨਾਵਾਂ ਦੁਬਾਰਾ ਨਹੀਂ ਹੋਣੀਆਂ ਚਾਹੀਦੀਆਂ ਅਤੇ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਭਾਜਪਾ ਪ੍ਰਤੀਨਿਧੀ ਮੰਡਲ ਨੇ ਐਤਵਾਰ ਨੂੰ ਰਾਜਪਾਲ ਨਾਲ ਮੁਲਾਕਾਤ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਅਰਧਨਗਨ ਹੋ ਕੇ ਵੀ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਪ੍ਰਦੇਸ਼ ਮਹਾ ਮੰਤਰੀ ਜੀਵਨ ਗੁਪਤਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਉੱਥੇ ਹੀ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਹਿਰਾਸਤ ਵਿੱਚ ਲੈਣ ਦੇ ਕੁਝ ਦੇਰ ਬਾਅਦ ਛੱਡ ਦਿੱਤਾ ਗਿਆ।
ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੁਲਿਸ ਨੇ ਘਟਨਾ ਦੀ ਵੀਡੀਓ ਫੁਟੇਜ ਦੇ ਆਧਾਰ ’ਤੇ ਹੁਣ ਤੱਕ 27 ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਵਿੱਚੋਂ 4 ਲੋਕਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।