ਭਾਰਤ ’ਚ 24 ਘੰਟਿਆਂ ’ਚ ਪਹਿਲੀ ਵਾਰ ਮਿਲੇ 1 ਲੱਖ 15 ਹਜ਼ਾਰ ਨਵੇਂ ਮਰੀਜ਼

ਨਵੀਂ ਦਿੱਲੀ, 7 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਭਾਰਤ ਵਿੱਚ ਕੋਵਿਡ-19 ਮਹਾਂਮਾਰੀ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਹੁਣ ਰੋਜ਼ਾਨਾ ਕੇਸ 1 ਲੱਖ ਤੋਂ ਟੱਪ ਚੁੱਕੇ ਹਨ। ਪਿਛਲੇ 24 ਘੰਟਿਆਂ ਦੌਰਾਨ ਪਹਿਲੀ ਵਾਰ 1 ਲੱਖ 15 ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਮਿਲੇ।
ਇਸ ਵਿਚਾਲੇ ਕੇਂਦਰ ਸਰਕਾਰ ਨੇ ਚੇਤਾਵਨੀ ਦਿੱਤੀ ਕਿ ਅਗਲੇ ਚਾਰ ਹਫ਼ਤੇ ਬਹੁਤ ਮਹੱਤਵਪੂਰਨ ਹਨ ਅਤੇ ਲੋਕਾਂ ਨੂੰ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਰੋਕਣ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਲੋਕਾਂ ਨੇ ਮਾਸਕ ਵਗ਼ੈਰਾ ਪਾਉਣਾ ਹੀ ਛੱਡ ਦਿੱਤਾ ਹੈ ਤੇ ਉਹ ਲਾਪਰਵਾਹੀ ਵਰਤ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 1 ਲੱਖ 15 ਹਜ਼ਾਰ ਨਵੇਂ ਕੇਸ ਜਨਵਰੀ 2020 ਵਿੱਚ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰੋਜ਼ਾਨਾ ਸਾਹਮਣੇ ਆਏ ਮਾਮਲਿਆਂ ਦੀ ਸਭ ਤੋਂ ਵੱਧ ਗਿਣਤੀ ਹੈ।
ਦਰਅਸਲ, ਦੇਸ਼ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਦੂਜੀ ਵਾਰ ਕੋਰੋਨਾ ਦੇ ਇੱਕ ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸ ਦੇਈਏ ਕਿ ਐਤਵਾਰ ਨੂੰ 24 ਘੰਟਿਆਂ ਦੌਰਾਨ ਦੇਸ਼ ਵਿੱਚ ਮਹਾਂਮਰੀ ਦੇ 1 ਲੱਖ 3 ਹਜ਼ਾਰ 558 ਨਵੇਂ ਕੇਸ ਸਾਹਮਣੇ ਆਏ ਸਨ। ਕੇਂਦਰ ਸਰਕਾਰ ਨੇ ਕਿਹਾ ਕਿ ਦੇਸ਼ ਵਿੱਚ ਕੋਵਿਡ-19 ਮਹਾਂਮਾਰੀ ਪਿਛਲੇ ਸਾਲ ਨਾਲੋਂ ਇਸ ਸਾਲ ਤੇਜ਼ੀ ਨਾਲ ਫੈਲ ਰਹੀ ਹੈ ਅਤੇ ਲੋਕਾਂ ਨੂੰ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਰੋਕਣ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ। ਕੇਂਦਰ ਸਰਕਾਰ ਦੇ ਦੋ ਉੱਚ ਅਧਿਕਾਰੀਆਂ ਨੇ ਮੰਗਲਵਾਰ ਰਾਤ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਇਹ ਹੋ ਸਕਦਾ ਹੈ ਕਿ ਇੱਕ ਦਿਨ ਵਿੱਚ ਦੇਸ਼ ਵਿੱਚ ਮਹਾਂਮਾਰੀ ਦੇ ਇੱਕ ਲੱਖ ਤੋਂ ਵੱਧ ਨਵੇਂ ਕੇਸ ਵਾਪਸ ਆ ਜਾਣ ਅਤੇ ਇਹ ਗਿਣਤੀ ਪਿਛਲੀ ਵਾਰ ਨਾਲੋਂ ਵਧੇਰੇ ਹੋ ਸਕਦੀ ਹੈ।
ਦੱਸ ਦੇਈਏ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਹੋਰਨਾਂ ਰਾਜਾਂ ਦੇ ਨਾਲ-ਨਾਲ ਦਿੱਲੀ ਵਿੱਚ ਵੀ ਰਾਤ ਦਾ ਕਰਫਿਊ ਲਗਾਇਆ ਗਿਆ ਹੈ, ਜੋ 30 ਅਪ੍ਰੈਲ ਤੱਕ ਲਾਗੂ ਰਹੇਗਾ। ਕੋਵਿਡ -19 ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧੇ ਕਾਰਨ ਟੀਕਾਕਰਨ ਲਈ ਉਮਰ ਹੱਦ ਵਿੱਚ ਢਿੱਲ ਦੇਣ ਨੂੰ ਲੈ ਕੇ ਵੱਖ-ਵੱਖ ਥਾਵਾਂ ਤੋਂ ਕੀਤੀ ਜਾ ਰਹੀ ਮੰਗ ਦੇ ਵਿਚਕਾਰ ਕੇਂਦਰ ਨੇ ਕਿਹਾ ਕਿ ਟੀਚਾ ਸਭ ਤੋਂ ਵੱਧ ਖ਼ਤਰੇ ਵਾਲੇ ਲੋਕਾਂ ਨੂੰ ਸੁਰੱਖਿਅਤ ਕਰਨਾ ਹੈ। ਭਾਰਤ ਤੋਂ ਇਲਾਵਾ ਅਮਰੀਕਾ ਤੇ ਬ੍ਰਾਜ਼ੀਲ ਵਿੱਚ ਵੀ ਕੋਰੋਨਾ ਦੇ ਨਵੇਂ ਕੇਸਾਂ ਵਿੱਚ ਵਾਧਾ ਤੇਜ਼ੀ ਨਾਲ ਹੋ ਰਿਹਾ ਹੈ। ਹਾਲਾਂਕਿ ਵੈਕਸੀਨ ਦਾ ਟੀਕਾਕਰਨ ਵੀ ਲਗਭਗ ਸਾਰੇ ਮੁਲਕਾਂ ਵਿੱਚ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਪਰ ਮਹਾਂਮਾਰੀ ਨੂੰ ਅਜੇ ਨੱਥ ਪੈਂਦੀ ਹੋਈ ਨਜ਼ਰ ਨਹੀਂ ਆ ਰਹੀ।

Video Ad
Video Ad