ਨਵੀਂ ਦਿੱਲੀ, 28 ਮਾਰਚ (ਹਮਦਰਦ ਨਿਊਜ਼ ਸਰਵਿਸ) : ਭਾਰਤ ਦੇ ਸਾਬਕਾ ਆਲਰਾਊਂਡਰ ਯੂਸੁਫ ਪਠਾਨ ਵੀ ਕੋਵਿਡ-19 ਮਹਾਂਮਾਰੀ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਇਸ ਮਗਰੋਂ ਉਨ੍ਹਾਂ ਨੇ ਖੁਦ ਨੂੰ ਏਕਾਂਤਵਾਸ ਕਰ ਲਿਆ ਹੈ।
ਇਸ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕੈਪਟਨ ਸਚਿਨ ਤੇਂਦੁਲਕਰ ਨੂੰ ਵੀ ਕੋਰੋਨਾ ਹੋ ਗਿਆ ਸੀ। ਯੂਸੁਫ ਪਠਾਨ ਅਤੇ ਸਚਿਨ ਤੇਂਦੁਲਕਰ ਨੇ ਹਾਲ ਹੀ ਵਿੱਚ ਖਤਮ ਹੋਈ ਰੋਡ ਸੇਫਟੀ ਵਰਲਡ ਸੀਰੀਜ਼ ਟੀ-20 ਟੂਰਨਾਮੈਂਟ ਵਿੱਚ ਹਿੱਸਾ ਲਿਆ ਸੀ। ਯੂਸੁਫ ਪਠਾਨ ਨੇ ਟਵੀਟ ਕਰ ਦੱਸਿਆ ਕਿ ਉਹ ਆਪਣੇ ਹੀ ਘਰ ਵਿੱਚ ਏਕਾਂਤਵਾਸ ਹਨ। ਪਠਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਹਲਕੇ ਲੱਛਣਾਂ ਨਾਲ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਰਿਪੋਰਟ ਆਉਣ ਤੋਂ ਬਾਅਦ ਆਪਣੇ ਘਰ ਵਿੱਚ ਹੀ ਏਕਾਂਤਵਾਸ ਹੋ ਗਏ ਹਨ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਯੂਸੁਫ ਪਠਾਨ ਦੇ ਭਰਾ ਅਤੇ ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਇਰਫਾਨ ਪਠਾਨ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

