ਨਵੀਂ ਦਿੱਲੀ, 30 ਮਈ, ਹ.ਬ. : ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਸ਼ਰਾਬ ਨੀਤੀ ਮਾਮਲੇ ’ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਸੀਬੀਆਈ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਸਿਸੋਦੀਆ ਇੱਕ ਤਾਕਤਵਰ ਵਿਅਕਤੀ ਹੈ ਅਤੇ ਜੇਕਰ ਉਹ ਬਾਹਰ ਆਉਂਦਾ ਹੈ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਸਿਸੋਦੀਆ ਹੁਣ ਹਾਈ ਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ’ਚ ਅਪੀਲ ਕਰਨਗੇ। ਹਾਈਕੋਰਟ ’ਚ ਸੁਣਵਾਈ ਦੌਰਾਨ ਜਸਟਿਸ ਦਿਨੇਸ਼ ਸ਼ਰਮਾ ਨੇ ਕਿਹਾ- ਸਿਸੋਦੀਆ ’ਤੇ ਦੋਸ਼ ਹੈ ਕਿ ਦਿੱਲੀ ਦੀ ਸ਼ਰਾਬ ਨੀਤੀ ਦੱਖਣੀ ਗਰੁੱਪ ਦੇ ਇਸ਼ਾਰੇ ’ਤੇ ਉਨ੍ਹਾਂ ਨੂੰ ਨਾਜਾਇਜ਼ ਫਾਇਦਾ ਪਹੁੰਚਾਉਣ ਦੇ ਇਰਾਦੇ ਨਾਲ ਬਣਾਈ ਗਈ ਸੀ। ਇਹ ਬਹੁਤ ਗੰਭੀਰ ਮਾਮਲਾ ਹੈ। ਅਦਾਲਤ ਨੇ ਕਿਹਾ ਕਿ ਸਿਸੋਦੀਆ ਇਕ ਪ੍ਰਭਾਵਸ਼ਾਲੀ ਵਿਅਕਤੀ ਹੈ ਅਤੇ ਜ਼ਮਾਨਤ ’ਤੇ ਰਿਹਾਅ ਹੋਣ ’ਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਸੀਬੀਆਈ ਨੇ ਕਿਹਾ ਕਿ ਸਿਸੋਦੀਆ ਦਿੱਲੀ ਦੇ ਉਪ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਕੋਲ 18 ਵਿਭਾਗ ਹਨ। ਦਫਤਰ ਅਤੇ ਨੌਕਰਸ਼ਾਹਾਂ ’ਤੇ ਸਿਸੋਦੀਆ ਦਾ ਪ੍ਰਭਾਵ ਅਤੇ ਦਬਦਬਾ ਸਪੱਸ਼ਟ ਹੈ। ਇੰਨਾ ਹੀ ਨਹੀਂ ਉਚ ਅਹੁਦਿਆਂ ’ਤੇ ਬੈਠੇ ਉਨ੍ਹਾਂ ਦੀ ਪਾਰਟੀ ਦੇ ਸਾਥੀ ਜਾਂਚ ਨੂੰ ਪ੍ਰਭਾਵਿਤ ਕਰਨ ਲਈ ਝੂਠੇ ਦਾਅਵੇ ਕਰ ਰਹੇ ਹਨ। ਉਹ ਇਹ ਵੀ ਕਹਿ ਰਹੇ ਹਨ ਕਿ ਸਿਸੋਦੀਆ ਸਿਆਸੀ ਬਦਲਾਖੋਰੀ ਦਾ ਸ਼ਿਕਾਰ ਹੋ ਗਏ ਹਨ।