ਮੁੱਖ ਮੰਤਰੀ ਵੱਲੋਂ ਟੀਕਾਕਰਨ ਰਣਨੀਤੀ ਦੀ ਸਮੀਖਿਆ ਦੀ ਮੰਗ

ਚੰਡੀਗੜ੍ਹ, 8 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੂਬਿਆਂ ਨੂੰ ਕੋਵਿਡ ਟੀਕਾਕਰਨ ਸਬੰਧੀ ਸਥਾਨਕ ਪੱਧਰ ‘ਤੇ ਆਪਣੇ ਖੁਦ ਦੀਆਂ ਰਣਨੀਤੀਆਂ ਦੀ ਖੁੱਲ੍ਹ ਦਿੱਤੀ ਜਾਵੇ ਜੋ ਕਿ ਕੇਂਦਰ ਵੱਲੋਂ ਇਸ ਸਬੰਧੀ ਅਪਣਾਏ ਜਾ ਰਹੇ ਮਾਪਦੰਡਾਂ ਦਾ ਹੀ ਹਿੱਸਾ ਹੋਵੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ ਆਪਣੀ ਰਣਨੀਤੀ ਦੀ ਮੁੜ ਸਮੀਖਿਆ ਕਰਨ ਲਈ ਕਹਿੰਦੇ ਹੋਏ ਜ਼ਿਆਦਾ ਖਤਰੇ ਵਾਲੇ ਇਲਾਕਿਆਂ ਵਿੱਚ ਸਾਰੇ ਬਾਲਗਾਂ ਅਤੇ 45 ਵਰ੍ਹੇ ਤੋਂ ਘੱਟ ਉਮਰ ਦੇ ਜਿਗਰ ਤੇ ਗੁਰਦੇ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਵੀ ਟੀਕਾਕਰਨ ਤਹਿਤ ਲਿਆਉਣ ਦੀ ਮੰਗ ਕੀਤੀ।

Video Ad

ਕੈਪਟਨ ਅਮਰਿੰਦਰ ਸਿੰਘ ਨੇ ਇਹ ਸੁਝਾਅ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਰਚੁਅਲ ਮੀਟਿੰਗ ਤੋਂ ਤੁਰੰਤ ਬਾਅਦ ਲਿਖੇ ਗਏ ਇਕ ਪੱਤਰ ‘ਚ ਪ੍ਰਗਟ ਕੀਤੇ। ਇਹ ਮੀਟਿੰਗ ਸਮੂਹ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਵਿਡ ਅਤੇ ਟੀਕਾਕਰਨ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਕੀਤੀ ਗਈ ਸੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸੂਬੇ ਵਿਚਲੀ ਸਥਿਤੀ ਤੋਂ ਜਾਣੂੰ ਕਰਵਾਇਆ ਅਤੇ ਸੂਬਾ ਸਰਕਾਰ ਵੱਲੋਂ ਇਸ ਬਿਮਾਰੀ ਨੂੰ ਨੱਥ ਪਾਉਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਦੱਸਿਆ।

ਮੀਟਿੰਗ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਹਾਜ਼ਰ ਰਹੇ ਜਿਸ ਦੌਰਾਨ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸੂਬਾ ਸਰਕਾਰ ਵੱਲੋਂ ਕੋਵਿਡ ਦੀ ਰੋਕਥਾਮ ਲਈ ਹਰ ਸੰਭਵ ਅਤੇ ਪੁਰਜ਼ੋਰ ਕੋਸ਼ਿਸ਼ ਕੀਤੇ ਜਾਣ ਬਾਰੇ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਸੂਬੇ ਵਿੱਚ ਕੋਵਿਡ ਦੀ ਦੂਜੀ ਲਹਿਰ ਦੌਰਾਨ ਯੂ.ਕੇ. ਦਾ ਵਾਇਰਸ ਭਾਰੂ ਪੈ ਰਿਹਾ ਹੈ ਅਤੇ ਮਾਹਿਰਾਂ ਦੀਆਂ ਰਿਪੋਰਟਾਂ ਅਨੁਸਾਰ ਇਹ ਬਹੁਤ ਹੀ ਘਾਤਕ ਅਤੇ ਖਾਸ ਕਰਕੇ ਨੌਜਵਾਨਾਂ ਦੀ ਸਿਹਤ ‘ਤੇ ਮਾਰੂ ਪ੍ਰਭਾਵ ਪਾਉਣ ਵਾਲਾ ਹੈ।

ਬਾਅਦ ‘ਚ ਲਿਖੇ ਆਪਣੇ ਪੱਤਰ ਜਿਸ ਦੇ ਕੁਝ ਸੁਝਾਅ 17 ਮਾਰਚ ਨੂੰ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਨੂੰ ਸੌਂਪੇ ਪੱਤਰ ਦਾ ਵੀ ਹਿੱਸਾ ਸਨ, ਵਿੱਚ ਮੁੱਖ ਮੰਤਰੀ ਦੇ ਸੁਝਾਅ ਸੂਬਾ ਸਰਕਾਰ ਦੀ ਅਜ਼ਾਦਾਨਾਂ ਮਾਹਿਰਾਂ ਨਾਲ ਕੀਤੀ ਚਰਚਾ ਉਤੇ ਆਧਾਰਿਤ ਸੀ। ਕੁਝ ਸੂਬਿਆਂ ਵਿੱਚ ਟੀਕਾਕਰਨ ਦੀ ਘਾਟ ਦਾ ਸਾਹਮਣਾ ਦੀਆਂ ਰਿਪੋਰਟਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੂੰ ਅਪੀਲ ਕੀਤੀ ਕਿ ਪੁਸ਼ਟੀ ਕੀਤੀ ਸਪਲਾਈ ਆਰਡਰਜ਼ ਦੇ ਆਧਾਰ ‘ਤੇ ਸੂਬਿਆਂ ਨਾਲ ਅਗਲੀ ਤਿਮਾਹੀ ਵਿੱਚ ਟੀਕਕਾਰਨ ਦੀ ਸਪਲਾਈ ਦਾ ਪ੍ਰੋਗਰਾਮ ਸਾਂਝਾ ਕੀਤਾ ਜਾਵੇ।

ਕੇਂਦਰੀ ਲੈਬਾਰਟਰੀਆਂ ਦੀਆਂ ਪਹਿਲੀਆਂ ਰਿਪੋਰਟਾਂ ਅਨੁਸਾਰ ਪੰਜਾਬ ਵਿੱਚ ਪਾਏ ਜਾਂਦੇ ਪਾਜ਼ੀਟਿਵ ਕੇਸਾਂ ਵਿੱਚੋਂ 80 ਫ਼ਸਦੀ ਤੋਂ ਵੱਧ ਯੂ.ਕੇ. ਸਟਰੇਨ ਨਾਲ ਸਬੰਧਤ ਹੋਣ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਸੂਬੇ ‘ਚ ਵਾਇਰਲ ਲੜੀ ਨੂੰ ਮਜ਼ਬੂਤ ਕਰਨ ਦੀ ਗੱਲ ਕਹੀ। ਪਿਛਲੇ 15 ਦਿਨਾਂ ਤੋਂ 8 ਫੀਸਦੀ ਪਾਜ਼ੀਟਿਵਿਟੀ ਦਰ ਨਾਲ ਰੋਜ਼ਾਨਾ 3000 ਕੇਸ ਰਿਪੋਰਟ ਹੋ ਰਹੇ ਹਨ। ਸੂਬੇ ‘ਚ ਮੌਜੂਦਾ ਸਮੇਂ 26000 ਦੇ ਕਰੀਬ ਐਕਟਿਵ ਕੇਸ ਹਨ ਅਤੇ ਰਿਕਵਰੀ ਦਰ 87.3 ਫੀਸਦੀ ਹੈ। ਦੂਜੇ ਸਿਖਰ ‘ਚ ਰੋਜ਼ਾਨਾ ਮ੍ਰਿਤਕਾਂ ਦੀ ਗਿਣਤੀ 50 ਤੋਂ 60 ਹੈ ਜੋ ਕਿ 2 ਫ਼ੀਸਦੀ ਮੌਤ ਦਰ ਦੇ ਕਰੀਬ ਹੈ। ਦੂਜਾ ਸਿਖਰ ਸੂਬੇ ਵਿੱਚ ਇਸ ਸਾਲ ਫਰਵਰੀ ਦੇ ਅੱਧ ਤੋਂ ਬਾਅਦ ਸ਼ੁਰੂ ਹੋਇਆ।

ਮੁੱਖ ਮੰਤਰੀ ਨੇ ਆਪਣੀ ਅਪੀਲ ਨੂੰ ਦੁਹਰਾਉਂਦਿਆਂ ਕਿਹਾ ਕਿ ਸਾਰੀਆਂ ਵਿਦਿਅਕ ਸੰਸਥਾਵਾਂ ਦੇ ਸਾਰੇ ਅਧਿਆਪਕਾਂ ਤੇ ਸਟਾਫ਼ ਨੂੰ ਟੀਕਾਕਰਨ ‘ਚ ਕਵਰ ਕੀਤਾ ਜਾਵੇ ਤਾਂ ਜੋ ਕੋਵਿਡ ਦੇ ਸਿਖਰ ਦੇ ਖਾਤਮੇ ਤੋਂ ਬਾਅਦ ਫ਼ਿਜੀਕਲ ਕਲਾਸਾਂ ਮੁੜ ਸ਼ੁਰੂ ਕਰਨ ਦੇ ਯੋਗ ਬਣਾਇਆ ਜਾ ਸਕੇ। ਉਨ੍ਹਾਂ ਜੱਜਾਂ ਤੇ ਜੁਡੀਸ਼ਲ ਅਫ਼ਸਰਾਂ, ਬੱਸਾਂ ਤੇ ਕੰਡਕਟਰਾਂ, ਸਾਰੇ ਪੱਧਰ ਦੇ ਚੁਣੇ ਹੋਏ ਨੁਮਾਇੰਦਿਆਂ ਆਦਿ ਨੂੰ ਕਿੱਤਾ ਆਧਾਰਿਤ ਟੀਕਾਕਰਨ ਲਈ ਆਗਿਆ ਦੇਣ ਉਤੇ ਵੀ ਜ਼ੋਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਕੋਲ ਆਈਸਰ, ਇੰਮਟੈਕ, ਏਮਜ਼ ਬਠਿੰਡਾ ਤੇ ਪੀ.ਜੀ.ਆਈ. ਚੰਡੀਗੜ੍ਹ ਜਿਹੀਆਂ ਕੇਂਦਰੀ ਸੰਸਥਾਵਾਂ ਨੂੰ ਪੰਜਾਬ ਤੋਂ ਆਰ.ਟੀ.-ਪੀ.ਸੀ.ਆਰ. ਟੈਸਟਿੰਗ ਵਧਾਉਣ ਲਈ ਨਿਰਦੇਸ਼ ਦੇਣ ਦੀ ਅਪੀਲ ਵੀ ਕੀਤੀ। ਇਸ ਤੋਂ ਇਲਾਵਾ ਪੀ.ਜੀ.ਆਈ. ਚੰਡੀਗੜ੍ਹ ਨੂੰ ਕਹਿਣਾ ਚਾਹੀਦਾ ਹੈ ਕਿ ਸੂਬੇ ਵੱਲੋਂ ਰੈਫਰ ਕੀਤੇ ਮਰੀਜ਼ਾਂ ਲਈ ਘੱਟੋ-ਘੱਟ 50 ਕੋਵਿਡ ਬੈਡ ਤੈਅਸ਼ੁਦਾ ਕੀਤੇ ਜਾਣ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਵਰਚੁਅਲ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਮੌਜੂਦਾ ਸਮੇਂ 55 ਫੀਸਦੀ ਸਿਹਤ ਸੰਭਾਲ ਵਰਕਰਜ਼ ਤੇ ਕਰੀਬ 90 ਫੀਸਦੀ ਫਰੰਟਲਾਈਨ ਵਰਕਰਾਂ ਨੂੰ ਟੀਕਾਕਰਨ ਦੀ ਪਹਿਲੀ ਡੋਜ਼ ਲੱਗ ਗਈ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦੇ 8.9 ਲੱਖ ਲੋਕਾਂ ਦੇ ਪਹਿਲਾ ਟੀਕਾ ਲੱਗ ਗਿਆ ਹੈ। ਰੋਜ਼ਾਨਾ ਦੇ ਟੀਕਾਕਰਨ ਵਿੱਚ ਮੱਧ ਮਾਰਚ ਦੇ 20000 ਪ੍ਰਤੀ ਦਿਨ ਦੇ ਅੰਕੜੇ ਤੋਂ ਵਧ ਕੇ ਇਹ ਅੰਕੜਾ ਹੁਣ 85-90 ਹਜ਼ਾਰ ਦੇ ਕਰੀਬ ਪ੍ਰਤੀ ਦਿਨ ਤੱਕ ਪਹੁੰਚ ਗਿਆ ਹੈ। 3 ਅਪਰੈਲ ਨੂੰ ਇਹ ਸਿਖਰ ‘ਤੇ ਸੀ ਜਦੋਂ 1.32 ਲੱਖ ਲੋਕਾਂ ਨੇ ਟੀਕਾ ਲਗਾਇਆ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ 2 ਲੱਖ ਪ੍ਰਤੀ ਦਿਨ ਦਾ ਟੀਚਾ ਰੱਖਿਆ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਕੋਵਿਡ ਅਤੇ ਟੀਕਾਕਰਨ ਪ੍ਰਤੀ ਹਿਚਕਾਹਟ ਸਬੰਧੀ ਕੂੜ ਪ੍ਰਚਾਰ ਨੂੰ ਠੱਲ੍ਹਣ ਲਈ ਮਿਸ਼ਨ ਫਤਿਹ ਰਾਹੀਂ ਵੱਡੇ ਪੱਧਰ ‘ਤੇ ਸੋਸ਼ਲ ਮੀਡੀਆ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੀ.ਐਚ.ਸੀ. ਪੱਧਰ ਦੀਆਂ ਸਾਰੀਆਂ ਜਨਤਕ ਸਿਹਤ ਸੰਭਾਲ ਸੰਸਥਾਵਾਂ ਕੋਵਿਡ ਟੀਕਾਕਰਨ ਕੇਂਦਰ ਵਜੋਂ ਕੰਮ ਕਰ ਰਹੀਆਂ ਹਨ ਤਾਂ ਜੋ ਲੋਕ ਆਪਣੇ ਨਜ਼ਦੀਕੀ ਸਿਹਤ ਕੇਂਦਰ ਵਿਖੇ ਇਸ ਸਹੂਲਤ ਦਾ ਫਾਇਦਾ ਉਠਾ ਸਕਣ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵੱਲੋਂ ਹਫਤੇ ਦੇ ਸੱਤੇ ਦਿਨ ਟੀਕਾਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ ਜਦੋਂ ਕਿ ਹੋਰ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਕੋਵਿਡ ਟੀਕਾਕਰਨ ਕੇਂਦਰ ਵਜੋਂ ਕੰਮ ਕਰਨ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ।

ਆਪਣੀ ਸਰਕਾਰ ਵੱਲੋਂ ਮਹਾਂਮਾਰੀ ਦੇ ਫੈਲਾਅ ‘ਤੇ ਰੋਕ ਲਗਾਉਣ ਲਈ ਚੁੱਕੇ ਕਦਮਾਂ ਬਾਰੇ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 30 ਅਪਰੈਲ ਤੱਕ ਰਾਜਨੀਤਿਕ ਇਕੱਠਾਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ ਅਤੇ ਨਾਲ ਹੀ ਸਾਰੇ ਜਿਲ੍ਹਿਆਂ ਵਿਚ ਰਾਤ ਨੂੰ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਗਿਆ ਹੈ। ਬਾਹਰੀ ਅਤੇ ਅੰਦਰੂਨੀ ਸਮਾਜਿਕ ਇਕੱਠਾਂ ਅਤੇ ਸਿਨੇਮਾ ਹਾਲਾਂ ਅਤੇ ਮਾਲਾਂ ਵਿਚ ਲੋਕਾਂ ਦੀ ਗਿਣਤੀ ‘ਤੇ ਪਾਬੰਦੀ ਲਗਾਈ ਗਈ ਹੈ ਜਦੋਂ ਕਿ ਸਾਰੇ ਵਿੱਦਿਅਕ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰ ਬੰਦ ਕਰ ਦਿੱਤੇ ਗਏ ਹਨ ਅਤੇ ਸਕੂਲ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਮਾਸਕ ਨਾ ਪਹਿਨਣ ਵਾਲੇ ਵਿਅਕਤੀਆਂ ਨੂੰ ਆਰ.ਟੀ-ਪੀ.ਸੀ.ਆਰ. ਟੈਸਟ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਅਜਿਹੇ 2 ਲੱਖ ਵਿਅਕਤੀਆਂ ਦਾ ਆਰ.ਟੀ.-ਪੀ.ਸੀ.ਆਰ. ਟੈਸਟ ਕਰਵਾਇਆ ਗਿਆ, 43000 ਵਿਅਕਤੀਆਂ ਦੇ ਚਲਾਨ ਕੀਤੇ ਗਏ, 250 ਤੋਂ ਵੱਧ ਵਿਅਕਤੀ ਗ੍ਰਿਫਤਾਰ ਕੀਤੇ ਗਏ ਅਤੇ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ 200 ਤੋਂ ਵੱਧ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ।

Video Ad