ਚੰਡੀਗੜ੍ਹ, 15 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਦੋ ਸਰਕਾਰੀ ਬੈਂਕਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਵੇਚਣ ਦੇ ਵਿਰੁੱਧ ਅੱਜ ਭਾਰਤ ਦੇ 10 ਲੱਖ ਬੈਂਕ ਮੁਲਾਜ਼ਮਾਂ ਨੇ ਦੋ ਦਿਨਾ ਹੜਤਾਲ ਸ਼ੁਰੂ ਕਰ ਦਿਤੀ ਜਿਸ ਕਾਰਨ ਆਮ ਲੋਕਾਂ ਅਤੇ ਕਾਰੋਬਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਪ੍ਰਾਈਵੇਟ ਬੈਂਕਾਂ ਵਿਚ ਆਮ ਦਿਨਾਂ ਵਾਂਗ ਕੰਮ ਹੋਇਆ। ਯੂਨਾਈਟਡ ਫ਼ੋਰਮ ਆਫ਼ ਬੈਂਕ ਯੂਨੀਅਨਜ਼ ਦੇ ਸੱਦੇ ‘ਤੇ ਹੜਤਾਲ ਕਾਰਨ ਬੈਂਕਿੰਗ ਸੇਵਾਵਾਂ ਪੂਰੀ ਤਰ੍ਹਾਂ ਠੱਪ ਰਹੀਆਂ ਅਤੇ ਬੈਂਕ ਮੁਲਾਜ਼ਮਾਂ ਵੱਲੋਂ ਦੇਸ਼ ਭਰ ਵਿਚ ਰੋਸ ਵਿਖਾਵੇ ਕੀਤੇ ਗਏ। ਦੱਸ ਦੇਈਏ ਕਿ ਬਜਟ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਦੋ ਸਰਕਾਰੀ ਬੈਂਕਾ ਅਤੇ ਇਕ ਬੀਮਾ ਕੰਪਨੀ ਨੂੰ ਨਿਜੀ ਹੱਥਾਂ ਵਿਚ ਦੇਣ ਦਾ ਐਲਾਨ ਕੀਤਾ ਗਿਆ ਸੀ। ਇੰਡੀਅਨ ਓਵਰਸੀਜ਼ ਬੈਂਕ, ਬੈਂਕ ਆਫ਼ ਮਹਾਰਾਸ਼ਟਰ, ਸੈਂਟਰਲ ਬੈਂਕ ਆਫ਼ ਇੰਡੀਆ ਅਤੇ ਬੈਂਕ ਆਫ਼ ਇੰਡੀਆ ਵਿਚੋਂ ਦੋ ਬੈਂਕਾਂ ਨੂੰ ਪ੍ਰਾਈਵੇਟ ਕੀਤਾ ਜਾ ਰਿਹਾ ਹੈ ਪਰ ਸਰਕਾਰ ਵੱਲੋਂ ਹਾਲੇ ਤੱਕ ਪੁਸ਼ਟੀ ਨਹੀਂ ਕੀਤੀ ਗਈ।