
ਚੰਡੀਗੜ੍ਹ, 16 ਮਾਰਚ (ਹਮਦਰਦ ਨਿਊਜ਼ ਸਰਵਿਸ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ। ਉਨ੍ਹਾਂ ਦੇ ਕੋਰੋਨਾ ਵਾਇਰਸ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਦੱਸ ਦੇਈਏ ਕਿ ਸੁਖਬੀਰ ਬਾਦਲ ਨੇ ਬੀਤੇ ਦਿਨੀਂ ਸੋਮਵਾਰ ਨੂੰ ਹੀ ਤਰਨਤਾਰਨ ਜ਼ਿਲ੍ਹੇ ਦੇ ਹਲਕਾ ਖੇਮਕਰਨ ‘ਚ ਇਕ ਰੈਲੀ ਕੀਤੀ ਸੀ। ਰੈਲੀ ‘ਚ ਵੱਡੀ ਗਿਣਤੀ ‘ਚ ਲੋਕ ਪਹੁੰਚੇ ਹੋਏ ਸਨ। ਮੰਚ ‘ਤੇ ਉਨ੍ਹਾਂ ਦੇ ਨਾਲ ਦਰਜਨਾਂ ਆਗੂ ਅਤੇ ਸੁਰੱਖਿਆ ਕਰਮਚਾਰੀ ਮੌਜੂਦ ਸਨ।
ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕੋਰੋਨਾ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਲਿਖਿਆ, “ਮੈਂ ਸਾਰਿਆਂ ਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਇਆ ਹੈ। ਮੇਰੀ ਸਿਹਤ ਠੀਕ ਹੈ ਅਤੇ ਮੈਂ ਨਿਯਮਾਂ ਅਨੁਸਾਰ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਪਿਛਲੇ ਕੁਝ ਦਿਨਾਂ ਦੌਰਾਨ ਜਿਹੜੇ ਲੋਕ ਮੇਰੇ ਸੰਪਰਕ ‘ਚ ਆਏ ਹਨ, ਮੈਂ ਉਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਖੁਦ ਨੂੰ ਆਈਸੋਲੇਟ ਕਰ ਲੈਣ ਅਤੇ ਕੋਰੋਨਾ ਟੈਸਟ ਕਰਵਾਉਣ।”
ਜ਼ਿਕਰਯੋਗ ਹੈ ਕਿ ਤਰਨਤਾਰਨ ਜ਼ਿਲ੍ਹੇ ਦੇ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ‘ਚ ਬੀਤੇ ਦਿਨੀਂ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ ਮੰਗਦਾ ਜਵਾਬ’ ਰੈਲੀ ਕੀਤੀ ਗਈ ਸੀ। ਇਸ ਰੈਲੀ ’ਚ ਸੁਖਬੀਰ ਸਿੰਘ ਬਾਦਲ ਨੇ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਖੇਮਕਰਨ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆ ਸੀ।
ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਪੰਜਾਬ ਦਾ ਵਿਕਾਸ ਹੋਇਆ ਸੀ। ਸਾਡੀ ਸਰਕਾਰ ਨੇ ਲੋਕਾਂ ਦੇ ਘਰ-ਘਰ ਤੱਕ ਬਿਜਲੀ ਪਹੁੰਚਾਈ। ਉਨ੍ਹਾਂ ਕਿਹਾ ਸੀ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਕਦੇ ਵੀ ਖਜ਼ਾਨਾ ਖਾਲੀ ਨਹੀਂ ਹੋਇਆ।