ਕੱਲ੍ਹ ਨੂੰ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ ਸਸਕਾਰ
ਮੋਹਾਲੀ, 26 ਅਪ੍ਰੈਲ, ਹ.ਬ. : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ । ਮੰਗਲਵਾਰ ਦੇਰ ਸ਼ਾਮ ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਉਹ ਪਿਛਲੇ ਬੁੱਧਵਾਰ ਤੋਂ ਹਸਪਤਾਲ ਵਿੱਚ ਦਾਖ਼ਲ ਸਨ। ਉਹ ਦਿਲ ਦੇ ਰੋਗ ਤੋਂ ਪੀੜਤ ਸਨ ਅਤੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋ ਰਹੀ ਸੀ। ਅੰਤਿਮ ਸਮੇਂ ਵੱਡੇ ਬਾਦਲ ਕੋਲ ਉਨ੍ਹਾਂ ਦੀ ਨੂੰਹ ਬੀਬੀ ਹਰਸਿਮਰਤ ਕੌਰ ਬਾਦਲ ਮੌਜੂਦ ਸਨ। ਇਸ ਦੌਰਾਨ ਪੰਜਾਬ ਸਰਕਾਰ ਨੇ ਦੋ ਦਿਨ ਦਾ ਸਰਕਾਰੀ ਸੋਗ ਐਲਾਨਿਆ ਹੈ। ਸਰਕਾਰੀ ਇਮਾਰਤਾਂ ’ਤੇ ਕੌਮੀ ਝੰਡੇ ਅੱਧੇ ਝੁਕੇ ਰਹਿਣਗੇ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ 10 ਤੋਂ 12 ਵਜੇ ਤੱਕ ਪਾਰਟੀ ਮੁੱਖ ਦਫ਼ਤਰ ਵਿਖੇ ਅÇੰਤਮ ਦਰਸ਼ਨਾਂ ਲਈ ਰੱਖੀ ਜਾਵੇਗੀ। ਇਸ ਤੋਂ ਬਾਅਦ ਬਾਦਲ ਪਿੰਡ ਨੂੰ ਕਾਫਲੇ ਦੇ ਰੂਪ ਵਿਚ ਰਵਾਨਾ ਹੋਵੇਗੀ ਤੇ 27 ਅਪ੍ਰੈਲ ਨੂੰ ਦੁਪਹਿਰ ਇੱਕ ਵਜੇ ਅੰਤਿਮ ਸਸਕਾਰ ਕੀਤਾ ਜਾਵੇਗਾ। ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ । ਉਨ੍ਹਾਂ ਨੇ ਪਿੰਡ ਦੀ ਸਰਪੰਚੀ ਤੋਂ ਸਿਆਸੀ ਸਫ਼ਰ ਦੀ ਸ਼ੁਰੂਆਤ ਕੀਤੀ ਸੀ।
ਪ੍ਰਧਾਨ ਮੰਤਰੀ ਮੋਦੀ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਕਿਹਾ ਕਿ ਇਹ ਮੇਰੇ ਲਈ ਇੱਕ ਨਿੱਜੀ ਘਾਟਾ ਹੈ। ਮੈਂ ਕਈ ਦਹਾਕਿਆਂ ਤੋਂ ਉਨ੍ਹਾਂ ਨਾਲ ਨੇੜਿਉਂ ਕੰਮ ਕੀਤਾ ਹੈ ਅਤੇ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ। ਉਹ ਭਾਰਤੀ ਰਾਜਨੀਤੀ ਦੀ ਇੱਕ ਵੱਡੀ ਸ਼ਖਸੀਅਤ ਸਨ ਅਤੇ ਇੱਕ ਕਮਾਲ ਦੇ ਨੇਤਾ ਸਨ। ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਸ. ਬਾਦਲ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਨਾਜ਼ੁਕ ਸਮਿਆਂ ਵਿਚ ਸੂਬੇ ਨੂੰ ਅੱਗੇ ਵਧਾਇਆ।
ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਬਾਦਲ ਪਰਿਵਾਰ ਵੱਲੋਂ ਪਿਛਲੇ ਐਤਵਾਰ ਉਨ੍ਹਾਂ ਨੂੰ ਇਲਾਜ ਲਈ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ਵਿੱਚ ਦਾਖ਼ਲ ਕਰ ਲਿਆ ਸੀ। ਇਲਾਜ ਦੌਰਾਨ ਬੀਤੇ ਬੁੱਧਵਾਰ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ’ਚੋਂ ਤੁਰੰਤ ਮੈਡੀਕਲ ਆਈਸੀਯੂ ਵਾਰਡ ਵਿੱਚ ਸ਼ਿਫ਼ਟ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਸਿਹਤ ਵਿੱਚ ਉਤਰਾਅ ਚੜ੍ਹਾਅ ਆਉਂਦੇ ਰਹੇ।