ਮੋਹਾਲੀ, 17 ਅਪ੍ਰੈਲ, ਹ.ਬ. : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ (95) ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਐਤਵਾਰ ਸਵੇਰੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਐਤਵਾਰ ਸਵੇਰੇ ਉਨ੍ਹਾਂ ਨੂੰ ਅਚਾਨਕ ਸਾਹ ਲੈਣ ’ਚ ਤਕਲੀਫ ਹੋਈ। ਇਸ ਕਾਰਨ ਉਨ੍ਹਾਂ ਨੂੰ ਜਾਂਚ ਲਈ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ। ਡਾਕਟਰਾਂ ਦੀ ਸਲਾਹ ’ਤੇ ਉਨ੍ਹਾਂ ਨੂੰ ਇੱਥੇ ਦਾਖਲ ਕਰਵਾਇਆ ਗਿਆ। ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਜੂਨ 2022 ਵਿੱਚ ਵੀ ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਦੋਂ ਤੋਂ ਉਹ ਪੀ.ਜੀ.ਆਈ ਚੰਡੀਗੜ੍ਹ ਅਤੇ ਮੁਹਾਲੀ ਦੇ ਇਸ ਨਿੱਜੀ ਹਸਪਤਾਲ ਤੋਂ ਲਗਾਤਾਰ ਇਲਾਜ ਕਰਵਾ ਰਹੇ ਹਨ।