ਸਿੱਖਿਆ ਵਿਭਾਗ ‘ਚ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ

ਚੰਡੀਗੜ੍ਹ, 2 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਸਿੱਖਿਆ ਵਿਭਾਗ ਵਿੱਚ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਕੀਤਾ।

Video Ad

ਉਨ੍ਹਾਂ ਦੱਸਿਆ ਕਿ ਬੋਰਡ ਦੀ 25 ਮਾਰਚ ਨੂੰ ਹੋਈ ਮੀਟਿੰਗ ‘ਚ 2280 ਅਸਾਮੀਆਂ ਦੀ ਭਰਤੀ ਲਈ ਪ੍ਰੋਸੈਸ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ, ਜਿਸ ਦੇ ਪਹਿਲੇ ਪੜਾਅ ਵਜੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ‘ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ‘ਚ ਸਕੂਲ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਭਰਨ ਲਈ 5 ਅਪ੍ਰੈਲ 2021 ਤੋਂ ਆਨਲਾਈਨ ਅਰਜੀਆਂ ਲੈਣ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਅਪਲਾਈ ਕਰਨ ਦੀ ਆਖਰੀ ਮਿਤੀ 26 ਅਪ੍ਰੈਲ ਰੱਖੀ ਗਈ ਹੈ ਤੇ ਫੀਸ 29 ਅਪ੍ਰੈਲ ਤੱਕ ਜਮਾਂ ਕਰਵਾਈ ਜਾ ਸਕਦੀ ਹੈ।

ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਦੀ ਨੀਤੀ ਤਹਿਤ ਬੋਰਡ ਵਲੋਂ ਜਲਦੀ ਹੀ ਹੋਰ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ। ਇਸ ‘ਚ ਜੇਲ੍ਹ ਵਿਭਾਗ ਵਿੱਚ ਵਾਰਡਰ ਅਤੇ ਮੈਟਰਨ ਦੀਆਂ 847 ਅਸਾਮੀਆਂ, ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਲੀਗਲ ਕਲਰਕ ਦੀਆਂ ਲਗਭਗ 199 ਅਸਾਮੀਆਂ, ਉਦਯੋਗ ਤੇ ਕਾਮਰਸ ਵਿਭਾਗ ‘ਚ ਉੱਚ ਉਦਯੋਗਿਕ ਉਨਤੀ ਅਫਸਰ ਦੀਆਂ 56 ਅਸਾਮੀਆਂ ਅਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 61 ਅਸਾਮੀਆਂ, ਆਬਕਾਰੀ ਤੇ ਕਰ ਵਿਭਾਗ ‘ਚ ਨਿਰੀਖਕ ਦੀਆਂ 51 ਅਸਾਮੀਆਂ, ਪੰਜਾਬ ਵੇਅਰਹਾਊਸਿੰਗ ਵਿੱਚ ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ

ਵਿਭਾਗ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਅਤੇ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਵੀ ਸ਼ਾਮਲ ਹਨ।
ਬਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਦੀ ਨੀਤੀ ‘ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫ਼ੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਿਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਨੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੋਰਡ ਵਲੋਂ ਉਕਤ ਅਸਾਮੀਆਂ ਦੀ ਭਰਤੀ ਸਬੰਧੀ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਲਈ ਡਟਵੀਂ ਮਿਹਨਤ ਕਰਨ ਤਾਂ ਜੋ ਉਮੀਦਵਾਰਾਂ ਦਾ ਆਪਣਾ ਅਤੇ ਸੂਬੇ ਦਾ ਭਵਿੱਖ ਰੌਸ਼ਨ ਹੋ ਸਕੇ।

Video Ad