Home ਤਾਜ਼ਾ ਖਬਰਾਂ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਸੁਖਦੇਵ ਸਿੰਘ ਢੀਂਡਸਾ ਵਲੋਂ ਦੁੱਖ ਦਾ ਪ੍ਰਗਟਾਵਾ

ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਸੁਖਦੇਵ ਸਿੰਘ ਢੀਂਡਸਾ ਵਲੋਂ ਦੁੱਖ ਦਾ ਪ੍ਰਗਟਾਵਾ

0


ਚੰਡੀਗੜ੍ਹ,26 ਅਪ੍ਰੈਲ, ਹ.ਬ. : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੇ ਇਸ ਜਹਾਨ ਤੋਂ ਚਲੇ ਜਾਣ ਨਾਲ ਸਿੱਖ ਪੰਥ, ਦੇਸ਼ ਅਤੇ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ। ਜਿਸ ਦੀ ਭਰਭਾਈ ਕਦੇ ਨਹੀ ਹੋ ਸਕਦੀ ਹੈ। ਆਪਣੇ ਸੋਗ ਸੰਦੇਸ਼ ਵਿਚ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਅਕਾਲੀ ਦਲ ਨੂੰ ਵੱਖਰੀ ਹੋਂਦ ਦੀ ਕਾਇਮੀ ਅਤੇ ਮੁਲਕ ਵਿਚ ਖੇਤਰੀ ਪਾਰਟੀਆਂ ਨੂੰ ਸ਼ਕਤੀਸ਼ਾਲੀ ਕਰਨ ਦੇ ਮੁੱਦਈ ਰਹੇ ਹਨ ਅਤੇ ਉਹ ਸਭ ਤੋਂ ਸ਼ਕਤੀਸ਼ਾਲੀ ਸਿੱਖ ਨੇਤਾ ਦੇ ਰੂਪ ਵਿਚ ਦੁਨੀਆ ਭਰ ਵਿਚ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਉਨ੍ਹਾਂ ਨੇ ਆਪਣੀ ਜਿੰਦਗੀ ਦਾ ਲੰਬਾ ਸਮਾਂ ਬਤੀਤ ਕੀਤਾ ਹੈ ਅਤੇ ਇਸ ਦੌਰਾਨ ਉਨ੍ਹਾਂ ਨਾਲ ਕਈ ਮਿੱਠੀਆਂ ਅਤੇ ਕੋੜੀਆਂ ਯਾਦਾਂ ਵੀ ਹਨ। ਉਨ੍ਹਾਂ ਪੁਰਾਣੇ ਦਿਨ ਯਾਦ ਕਰਦਿਆਂ ਕਿਹਾ ਕਿ ਅਸੀਂ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਇਕੱਠਿਆਂ ਲੰਬਾਂ ਸਮਾਂ ਜੇਲ੍ਹਾਂ ਵੀ ਕੱਟੀਆਂ ਅਤੇ ਕਈਂ ਸੰਘਰਸ਼ ਵੀ ਇੱਕਠੇ ਲੜੇ। ਉਨ੍ਹਾਂ ਪੰਜਾਬੀ ਸੂਬਾ ਮੋਰਚਾ,ਕਪੂਰੀ ਮੋਰਚਾ ਅਤੇ ਧਰਮ ਯੁੱਧ ਮੋਰਚਿਆਂ ਵਿਚ ਸਰਗਰਮੀ ਨਾਲ ਸ਼ਮੂਲੀਅਤ ਕੀਤੀ। ਸ. ਢੀਂਡਸਾ ਨੇ ਕਿਹਾ ਕਿ ਸ. ਬਾਦਲ ਦੇ ਵਿਰੋਧੀ ਵੀ ਉਨ੍ਹਾਂ ਦੀ ਠਰ੍ਹਮੇ ਤੇ ਗਹਿਰਾਈ ਵਾਲੀ ਸਿਆਸਤ ਦੇ ਕਾਇਲ ਸਨ ਅਤੇ ਆਪਣੇ ਇਨ੍ਹਾਂ ਗੁਣਾਂ ਕਰਕੇ ਹੀ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਵੀ ਕੰਮ ਕਰਦੇ ਰਹੇ। ਸ. ਢੀਂਡਸਾ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਭਾਰਤੀ ਰਾਜਨੀਤੀ ਦੇ ਇਕ ਅਜਿਹੇ ਯੁਗ ਦਾ ਅੰਤ ਹੋ ਗਿਆ ਹੈ। ਜਿਸ ਨੇ ਭਾਰਤ ਦੀ ਅਜ਼ਾਦੀ ਤੋਂ ਲੈ ਕੇ ਇਸ ਸੱਦੀ ਦੇ ਹਰ ਬਦਲਾਅ ਨੂੰ ਬਹੁਤ ਨੇੜੇ ਤੋਂ ਵੇਖਿਆ ਹੈ।