ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਦੇਣ ਦਾ ਪੰਜਾਬ ਭਾਜਪਾ ਵਲੋਂ ਵਿਰੋਧ

ਚੰਡੀਗੜ੍ਹ, 22 ਨਵੰਬਰ, ਹ.ਬ. : ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਦੇਣ ਦਾ ਮਾਮਲਾ ਭਖਦਾ ਜਾ ਰਿਹੈ ਹੈ। ਖਾਸ ਗੱਲ ਇਹ ਹੈ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਇਸ ਮੁੱਦੇ ’ਤੇ ਇਕਜੁੱਟ ਹੋ ਗਈਆਂ ਹਨ। ਦਿਲਚਸਪ ਗੱਲ ਇਹ ਹੈ ਕਿ ਪੰਜਾਬ ਭਾਜਪਾ ਵੀ ਹਰਿਆਣਾ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਖਿਲਾਫ ਹੋ ਗਈ ਹੈ। ਇਸ ਮਾਮਲੇ ਵਿੱਚ ਮਾਨਯੋਗ ਪੰਜਾਬ ਸਰਕਾਰ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਚੰਡੀਗੜ੍ਹ ਉੱਤੇ ਪੰਜਾਬ ਦਾ ਹੱਕ ਜਤਾ ਰਹੀਆਂ ਹਨ। ਪੰਜਾਬ ਦੀ ਮਾਨ ਸਰਕਾਰ ਤੋਂ ਬਾਅਦ ਹੁਣ ਭਾਜਪਾ ਦੀ ਪੰਜਾਬ ਇਕਾਈ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਆਹਮੋ-ਸਾਹਮਣੇ ਹੋ ਗਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਨੂੰ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਦੀ ਲੋੜ ਹੈ ਤਾਂ ਉਹ ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਥਾਂ ’ਤੇ ਜ਼ਮੀਨ ਲੱਭੇ ਨਾ ਕਿ ਚੰਡੀਗੜ੍ਹ ’ਚ। ਚੰਡੀਗੜ੍ਹ ਮੁੱਦੇ ’ਤੇ ਆਮ ਆਦਮੀ ਪਾਰਟੀ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਅਧਿਕਾਰ ਹੈ, ਇਸ ਲਈ ਹਰਿਆਣਾ ਨੂੰ ਕਿਸੇ ਵੀ ਕੀਮਤ ’ਤੇ ਚੰਡੀਗੜ੍ਹ ’ਚ ਆਪਣੀ ਵੱਖਰੀ ਵਿਧਾਨ ਸਭਾ ਨਹੀਂ ਬਣਾਉਣ ਦਿੱਤੀ ਜਾਵੇਗੀ। ਉਨ੍ਹਾਂ ਟਵੀਟ ਜਾਰੀ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਅਤੇ ਹਮੇਸ਼ਾ ਰਹੇਗਾ। ਨਵੀਂ ਵਿਧਾਨ ਸਭਾ ਲਈ ਹਰਿਆਣਾ ਨੂੰ ਇਕ ਇੰਚ ਵੀ ਜ਼ਮੀਨ ਨਹੀਂ ਦਿੱਤੀ ਜਾਵੇਗੀ। ਹਰਿਆਣਾ ਦੀ ਆਪਣੀ ਵਿਧਾਨ ਸਭਾ ਪੰਚਕੂਲਾ, ਕਰਨਾਲ ਜਾਂ ਕਿਸੇ ਹੋਰ ਥਾਂ ਹੋਣੀ ਚਾਹੀਦੀ ਹੈ। ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੀ ਅਧਿਕਾਰ ਹੈ। ਬੀਤੇ ਦਿਨ ਕਾਂਗਰਸ ਨੇ ਵੀ ਕਿਹਾ ਸੀ ਕਿ ਇਸ ਮਾਮਲੇ ’ਤੇ ਉਹ ਅੰਤ ਤੱਕ ਲੜਾਈ ਲੜੇਗੀ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਨੇ ਪੰਜਾਬ ਗਵਰਨਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਹਰਿਅਣਾ ਸਰਕਾਰ ਦੀ ਵਿਧਾਨ ਸਭਾ ਦੇ ਸਪੀਕਰ ਵਲੋਂ ਚੰਡੀਗੜ੍ਹ ਵਿਚ ਅਲੱਗ ਵਿਧਾਨ ਸਭਾ ਬਣਾਉਣ ਦੀ ਅਪੀਲ ਨੂੰ ਖਾਰਜ ਕਰ ਦੇਵੇ। ਕਿਉਂਕਿ ਇਹ ਹਰਿਆਣਾ ਦਾ ਸੰਵਿਧਾਨਕ ਅਧਿਕਾਰ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਅਲੱਗ ਜ਼ਮੀਨ ਦੇਣ ਦੇ ਮਾਮਲੇ ਵਿਚ 24 ਨਵੰਬਰ ਨੂੰ ਸੀਨੀਅਰ ਨੇਤਾਵਾਂ ਦੀ ਬੈਠਕ ਬੁਲਾਈ ਹੈ। ਇਸ ਸਬੰਧੀ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।

Video Ad
Video Ad