Home ਭਾਰਤ ਹਰਿਦੁਆਰ ਕੁੰਭ ‘ਚ ਸ਼ਾਮਲ ਹੋਣ ਲਈ ਕੋਰੋਨਾ ਟੈਸਟ ਜ਼ਰੂਰੀ

ਹਰਿਦੁਆਰ ਕੁੰਭ ‘ਚ ਸ਼ਾਮਲ ਹੋਣ ਲਈ ਕੋਰੋਨਾ ਟੈਸਟ ਜ਼ਰੂਰੀ

0
ਹਰਿਦੁਆਰ ਕੁੰਭ ‘ਚ ਸ਼ਾਮਲ ਹੋਣ ਲਈ ਕੋਰੋਨਾ ਟੈਸਟ ਜ਼ਰੂਰੀ

ਦੇਹਰਾਦੂਨ, 24 ਮਾਰਚ (ਹਮਦਰਦ ਨਿਊਜ਼ ਸਰਵਿਸ) : ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅਜਿਹੀ ਸਥਿਤੀ ‘ਚ ਇਸ ਦਾ ਅਸਰ ਹਰਿਦੁਆਰ ਕੁੰਭ ਉੱਤੇ ਵੀ ਵੇਖਣ ਨੂੰ ਮਿਲ ਰਿਹਾ ਹੈ। ਉਤਰਾਖੰਡ ਹਾਈ ਕੋਰਟ ਨੇ ਨਿਰਦੇਸ਼ ਦਿੱਤਾ ਹੈ ਕਿ ਕੁੰਭ ਮੇਲੇ ‘ਚ ਆਉਣ ਵਾਲੇ ਸਾਰੇ ਲੋਕਾਂ ਨੂੰ ਆਰਟੀ-ਪੀਸੀਆਰ ਟੈਸਟ ਦੀਆਂ ਨੈਗੇਟਿਵ ਰਿਪੋਰਟਾਂ ਵਿਖਾਉਣਾ ਜ਼ਰੂਰੀ ਹੋਵੇਗਾ। ਹਾਈ ਕੋਰਟ ਨੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਦੇ ਉਸ ਫ਼ੈਸਲੇ ਦੀ ਨਿਖੇਧੀ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਕੋਰੋਨਾ ਟੈਸਟ ਤੋਂ ਬਗੈਰ ਲੋਕਾਂ ਨੂੰ ਕੁੰਭ ਮੇਲੇ ‘ਚ ਸ਼ਾਮਲ ਹੋਣ ਦੀ ਮਨਜ਼ੂਰੀ ਦਿੱਤੀ ਸੀ।
ਉਤਰਾਖੰਡ ਹਾਈ ਕੋਰਟ ਨੇ ਕੁੰਭ ਮੇਲੇ ਲਈ ਦਾਇਰ ਇਕ ਜਨਹਿੱਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਇਸ ਤੋਂ ਇਲਾਵਾ ਅਦਾਲਤ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਟੀਕਾ ਲੱਗ ਚੁੱਕਾ ਹੈ, ਜੇ ਉਹ ਆਪਣੀ ਸਰਟੀਫ਼ਿਕੇਟ ਵਿਖਾਉਂਦੇ ਹਨ ਤਾਂ ਉਨ੍ਹਾਂ ਨੂੰ ਛੋਟ ਮਿਲ ਸਕਦੀ ਹੈ। ਬਾਕੀ ਸਾਰੇ ਲੋਕਾਂ ਲਈ ਟੈਸਟ ਕਰਵਾਉਣਾ ਅਤੇ ਨੈਗੇਟਿਟ ਰਿਪੋਰਟ ਹੋਣਾ ਲਾਜ਼ਮੀ ਹੈ।
ਜ਼ਿਕਰਯੋਗ ਹੈ ਕਿ ਕੁੰਭ ਮੇਲਾ ਇਸ ਮਹੀਨੇ ਉਤਰਾਖੰਡ ‘ਚ ਸ਼ੁਰੂ ਹੋਇਆ ਹੈ। ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਕੁੰਭ ਆਉਣ ਵਾਲੇ ਲੋਕਾਂ ਲਈ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਲਾਜ਼ਮੀ ਕੀਤੀ ਸੀ। ਹਾਲਾਂਕਿ, ਨਵੇਂ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਸਾਬਕਾ ਮੁੱਖ ਮੰਤਰੀ ਦੇ ਫ਼ੈਸਲੇ ਨੂੰ ਬਦਲਦਿਆਂ ਕਿਹਾ ਸੀ ਕਿ ਕੁੰਭ ‘ਚ ਕੋਈ ਪਾਬੰਦੀ ਨਹੀਂ ਹੋਵੇਗੀ। ਉਨ੍ਹਾਂ ਨੇ ਕੋਰੋਨਾ ਦੀ ਨੈਗੇਟਿਵ ਰਿਪੋਰਟ ਉੱਤੇ ਲੱਗੀ ਪਾਬੰਦੀ ਵੀ ਹਟਾ ਦਿੱਤੀ ਸੀ। ਉਨ੍ਹਾਂ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਵੀ ਕੀਤੀ ਗਈ ਸੀ। ਹਾਲ ਹੀ ਸਿਹਤ ਮੰਤਰਾਲੇ ਦੀ ਟੀਮ ਉਤਰਾਖੰਡ ਗਈ ਸੀ ਅਤੇ ਚਿਤਾਵਨੀ ਦਿੰਦਿਆਂ ਨਿਯਮਾਂ ਦੀ ਲਾਪਰਵਾਹੀ ਦੀ ਗੱਲ ਕਹੀ ਸੀ।
ਦੱਸ ਦੇਈਏ ਕਿ ਉਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਖੁਦ ਵੀ ਕੋਰੋਨਾ ਵਾਇਰਸ ਦੀ ਲਪੇਟ ‘ਚ ਆ ਗਏ ਹਨ। ਉਨ੍ਹਾਂ ਦੇ ਨਾਲ ਪ੍ਰੋਗਰਾਮਾਂ ‘ਚ ਸ਼ਾਮਲ ਕਾਫ਼ੀ ਲੋਕਾਂ ਨੂੰ ਵੀ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ ਅਤੇ ਟੈਸਟ ਕਰਵਾਇਆ ਜਾ ਰਿਹਾ ਹੈ। ਸੂਬੇ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਤੇਜ਼ੀ ਆਉਣ ਤੋਂ ਬਾਅਦ ਕੇਂਦਰ ਸਰਕਾਰ ਨੇ ਵੀ ਚਿੰਤਾ ਜਾਹਰ ਕੀਤੀ ਸੀ, ਜਿਸ ਤੋਂ ਬਾਅਦ ਸੂਬੇ ‘ਚ ਵੈਕਸੀਨ ਅਤੇ ਜਾਂਚ ਦਾ ਦਾਇਰਾ ਵਧਾਇਆ ਜਾ ਰਿਹਾ ਹੈ। ਮੁੱਖ ਸਕੱਤਰ ਓਮ ਪ੍ਰਕਾਸ਼ ਨੇ ਕਿਹਾ ਕਿ ਕੇਂਦਰ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣ ਕੀਤੀ ਜਾ ਰਹੀ ਹੈ ਅਤੇ ਕੋਰੋਨਾ ਟੈਸਟਾਂ ਦੀ ਗਿਣਤੀ ਵੀ ਵਧਾਈ ਜਾ ਰਹੀ ਹੈ। ਇਸ ਸਮੇਂ ਸੂਬੇ ‘ਚ ਰੋਜ਼ਾਨਾ 50 ਹਜ਼ਾਰ ਰੈਪਿਡ ਐਂਟੀਜ਼ਨ ਟੈਸਟ ਅਤੇ 5000 ਆਰਟੀਪੀਸੀਆਰ ਟੈਸਟ ਕੀਤੇ ਜਾ ਰਹੇ ਹਨ।