Home ਤਾਜ਼ਾ ਖਬਰਾਂ ਦਿਲਚਸਪ ਬਣਿਆ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਮੁਕਾਬਲਾ

ਦਿਲਚਸਪ ਬਣਿਆ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਮੁਕਾਬਲਾ

0


ਜਲੰਧਰ, 29 ਅਪ੍ਰੈਲ, ਹ.ਬ. : ਜਲੰਧਰ ’ਚ ਲੋਕ ਸਭਾ ਜ਼ਿਮਨੀ ਚੋਣ ਕਾਫੀ ਦਿਲਚਸਪ ਹੋ ਗਈ ਹੈ। ਭਾਵੇਂ ਇੱਥੇ ਮੁਕਾਬਲਾ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਿਚਕਾਰ ਹੈ ਪਰ ਉਮੀਦਵਾਰਾਂ ਨੂੰ ਦੇਖ ਕੇ ਲੱਗਦਾ ਹੈ ਕਿ ਮੁਕਾਬਲਾ ਅਕਾਲੀ ਦਲ ਅਤੇ ਕਾਂਗਰਸ ਵਿਚਾਲੇ ਹੈ। ਅਜਿਹਾ ਇਸ ਲਈ ਕਿਉਂਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਕਾਂਗਰਸ ਤੋਂ ‘ਆਪ’ ’ਚ ਸ਼ਾਮਲ ਹੋ ਗਏ ਹਨ।

ਇਸੇ ਤਰ੍ਹਾਂ ਭਾਜਪਾ ਉਮੀਦਵਾਰ ਇੰਦਰ ਇਕਬਾਲ ਅਟਵਾਲ ਅਕਾਲੀ ਦਲ ਤੋਂ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ‘ਆਪ’ ਅਤੇ ਭਾਜਪਾ ਨੇ ਇੱਥੇ ਆਪਣੇ ਕਿਸੇ ਵੀ ਨੇਤਾ ’ਤੇ ਵਿਸ਼ਵਾਸ ਨਹੀਂ ਦਿਖਾਇਆ। ਹਾਲਾਂਕਿ ਕਾਂਗਰਸ ਨੇ ਜਲੰਧਰ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਹੈ। ਦੂਜੇ ਪਾਸੇ ਅਕਾਲੀ ਦਲ ਨੇ ਬੰਗਾ ਤੋਂ ਵਿਧਾਇਕ ਡਾ: ਸੁਖਵਿੰਦਰ ਸੁੱਖੀ ਨੂੰ ਟਿਕਟ ਦਿੱਤੀ ਹੈ।

ਜਲੰਧਰ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਕੁਝ ਸਮਾਂ ਪਹਿਲਾਂ ਦੇਹਾਂਤ ਹੋ ਗਿਆ ਸੀ। ਉਹ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ’ਚ ਸ਼ਾਮਲ ਹੋਏ ਸੀ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਕਾਂਗਰਸ ਨੇ ਉਨ੍ਹਾਂ ਦੇ ਪਰਿਵਾਰ ਨੂੰ ਹੀ ਟਿਕਟ ਦਿੰਦੇ ਹੋਏ ਉਨ੍ਹਾਂ ਦੀ ਪਤਨੀ ਨੂੰ ਮੈਦਾਨ ’ਚ ਉਤਾਰਿਆ।