Home ਇੰਮੀਗ੍ਰੇਸ਼ਨ ਰੋਹਿੰਗੀਆ ਸ਼ਰਨਾਰਥੀਆਂ ਨੂੰ ਡਿਪੋਰਟ ਕਰਨ ‘ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਰੋਹਿੰਗੀਆ ਸ਼ਰਨਾਰਥੀਆਂ ਨੂੰ ਡਿਪੋਰਟ ਕਰਨ ‘ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

0
ਰੋਹਿੰਗੀਆ ਸ਼ਰਨਾਰਥੀਆਂ ਨੂੰ ਡਿਪੋਰਟ ਕਰਨ ‘ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਨਵੀਂ ਦਿੱਲੀ, 8 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਦੇ ਡਿਟੈਂਸ਼ਨ ਸੈਂਟਰ (ਨਜ਼ਰਬੰਦੀ ਕੇਂਦਰ) ‘ਚ ਰੱਖੇ 170 ਰੋਹਿੰਗਿਆ ਮੁਸਲਮਾਨਾਂ ਨੂੰ ਮਿਆਂਮਾਰ ਭੇਜਣ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਇਹ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸੈਂਟਰ ‘ਚ ਰਹਿ ਰਹੇ ਰੋਹਿੰਗਿਆ ਸ਼ਰਨਾਰਥੀਆਂ ਨੂੰ ਉਦੋਂ ਤਕ ਨਹੀਂ ਭੇਜਿਆ ਜਾ ਸਕਦਾ, ਜਦੋਂ ਤਕ ਡਿਪੋਰਟੇਸ਼ਨ ਦੀ ਪੂਰੀ ਪ੍ਰਕਿਰਿਆ ਦਾ ਪਾਲਣ ਨਾ ਕੀਤੀ ਜਾਵੇ।

ਅਦਾਲਤ ਨੇ ਪਟੀਸ਼ਨਕਰਤਾ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ‘ਚ ਉਸ ਨੇ ਇਨ੍ਹਾਂ ਲੋਕਾਂ ਨੂੰ ਰਿਹਾ ਕਰਨ ਦੀ ਅਪੀਲ ਕੀਤੀ ਸੀ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਇਸ ਮਾਮਲੇ ‘ਤੇ 26 ਮਾਰਚ ਨੂੰ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

ਚੀਫ਼ ਜਸਟਿਸ ਆਫ਼ ਇੰਡੀਆ (ਸੀਜੇਆਈ) ਸ਼ਰਦ ਅਰਵਿੰਦ ਬੋਬਡੇ ਦੀ ਅਗਵਾਈ ਵਾਲੀ 3 ਮੈਂਬਰੀ ਬੈਂਚ ਨੇ ਵੀਰਵਾਰ ਨੂੰ ਇਹ ਫ਼ੈਸਲਾ ਸੁਣਾਇਆ। ਪ੍ਰਸ਼ਾਂਤ ਭੂਸ਼ਣ ਨੇ ਮੁਹੰਮਦ ਸਲੀਮੁੱਲਾਹ ਨਾਮ ਦੇ ਵਿਅਕਤੀ ਦੀ ਪਟੀਸ਼ਨ ‘ਤੇ ਕੇਸ ਦੀ ਪੈਰਵੀ ਕੀਤੀ। ਪ੍ਰਸ਼ਾਂਤ ਭੂਸ਼ਣ ਨੇ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਮਿਆਂਮਾਰ ‘ਚ ਇਨ੍ਹਾਂ ਰੋਹਿੰਗਿਆ ਮੁਸਲਮਾਨਾਂ ਦੀਆਂ ਜਾਨਾਂ ਖ਼ਤਰੇ ‘ਚ ਹਨ, ਇਸ ਲਈ ਉਨ੍ਹਾਂ ਨੂੰ ਡਿਪੋਰਟ ਨਹੀਂ ਕੀਤਾ ਜਾਣਾ ਚਾਹੀਦਾ। ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।

ਚੀਫ਼ ਜਸਿਟਸ ਸ਼ਰਦ ਅਰਵਿੰਦ ਬੋਬੜੇ, ਜੱਜ ਏ.ਐਸ. ਬੋਪੰਨਾ ਅਤੇ ਜੱਜ ਵੀ. ਰਾਮਾਸੁਬਰਮਣੀਅਮ ਦੀ ਬੈਂਚ ਨੇ ਮੁਹੰਮਦ ਸਲੀਮੁੱਲਾਹ ਦੀ ਜਨਹਿੱਤ ਪਟੀਸ਼ਨ ‘ਤੇ ਆਦੇਸ਼ ਸੁਣਾਇਆ। ਬੈਂਚ ਨੇ ਕਿਹਾ ਕਿ ਜੰਮੂ ‘ਚ ਹਿਰਾਸਤ ‘ਚ ਰੱਖੇ ਗਏ ਘੱਟ ਤੋਂ ਘੱਟ 168 ਰੋਹਿੰਗੀਆ ਸ਼ਰਨਾਰਥੀਆਂ ਦੀ ਹਾਲੇ ਰਿਹਾਈ ਨਹੀਂ ਹੋਵੇਗੀ। ਸਾਰਿਆਂ ਨੂੰ ਡਿਟੈਂਸ਼ਨ ਸੈਂਟਰ ‘ਚ ਹੀ ਰਹਿਣਾ ਹੋਵੇਗਾ। ਕੁਝ ਰੋਹਿੰਗੀਆ ਲੋਕਾਂ ਵਲੋਂ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਪਟੀਸ਼ਨ ਦਾਖ਼ਲ ਕਰ ਕੇ ਇਹ ਮੰਗ ਕੀਤੀ ਸੀ ਕਿ ਇਨ੍ਹਾਂ ਲੋਕਾਂ ਨੂੰ ਰਿਹਾਅ ਕਰ ਕੇ ਭਾਰਤ ‘ਚ ਹੀ ਰਹਿਣ ਦਿੱਤਾ ਜਾਵੇ। ਕੇਂਦਰ ਸਰਕਾਰ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਸੀ।

ਕੇਂਦਰ ਸਰਕਾਰ ਵਲੋਂ ਪੇਸ਼ ਸੋਲਿਸੀਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਸੀ ਕਿ ਭਾਰਤ ਨੂੰ ਗ਼ੈਰ-ਕਾਨੂੰਨੀ ਪ੍ਰਵਾਸੀਆਂ ਦੀ ਰਾਜਧਾਨੀ ਨਹੀਂ ਬਣਨ ਦਿੱਤਾ ਜਾ ਸਕਦਾ। ਮਹਿਤਾ ਨੇ ਕਿਹਾ, “ਘੁਸਪੈਠੀਆਂ ਤੋਂ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਗੰਭੀਰ ਖਤਰਾ ਹੈ। ਮਿਆਂਮਾਰ ਤੋਂ ਆਏ ਘੁਸਪੈਠੀਆਂ ਦੇ ਏਜੰਟ ਵੀ ਹੋ ਸਕਦੇ ਹਨ।” ਸੁਪਰੀਮ ਕੋਰਟ ਨੇ 26 ਮਾਰਚ ਨੂੰ ਸੁਣਵਾਈ ਪੂਰੀ ਹੋਣ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।