Home ਤਾਜ਼ਾ ਖਬਰਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਵਿਗੜੀ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਵਿਗੜੀ

0

ਮੁਹਾਲੀ, 21 ਅਪ੍ਰੈਲ, ਹ.ਬ. : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਇੱਥੋਂ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਦੇ ਆਈਸੀਯੂ ਵਿੱਚ ਸ਼ਿਫ਼ਟ ਕੀਤਾ ਗਿਆ ਹੈ। ਸੂਚਨਾ ਮਿਲਦੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਆਪਣੇ ਸਾਰੇ ਸਿਆਸੀ ਰੁਝੇਵੇਂ ਛੱਡ ਕੇ ਫੋਰਟਿਸ ਹਸਪਤਾਲ ਪਹੁੰਚੇ ਅਤੇ ਆਪਣੇ ਪਿਤਾ ਦਾ ਹਾਲਚਾਲ ਪੁੱਛਿਆ। ਉਹ ਇੱਥੇ ਕਰੀਬ ਡੇਢ-ਦੋ ਘੰਟੇ ਰੁਕੇ। ਉਨ੍ਹਾਂ ਵੱਡੇ ਬਾਦਲ ਦੇ ਇਲਾਜ ਵਿੱਚ ਜੁਟੇ ਡਾਕਟਰਾਂ ਅਤੇ ਮੈਡੀਕਲ ਟੀਮ ਨਾਲ ਵੀ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੀ ਫੋਰਟਿਸ ਹਸਪਤਾਲ ਆ ਕੇ ਆਪਣੇ ਸਹੁਰਾ ਸਾਹਿਬ ਦਾ ਹਾਲਚਾਲ ਪੁੱਛ ਕੇ ਗਏ ਹਨ।
ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਾ ਹੋਣ ਕਾਰਨ ਲੰਘੇ ਐਤਵਾਰ ਬਾਦਲ ਪਰਿਵਾਰ ਵੱਲੋਂ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਡਾਕਟਰਾਂ ਨੇ ਮੁੱਢਲੀ ਮੈਡੀਕਲ ਜਾਂਚ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੂੰ ਪ੍ਰਾਈਵੇਟ ਵਾਰਡ ਵਿੱਚ ਦਾਖ਼ਲ ਕਰ ਲਿਆ। ਪਿਛਲੇ 6 ਦਿਨਾਂ ਤੋਂ ਇੱਥੇ ਹੀ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਹ ਦਿਲ ਦੀ ਬਿਮਾਰੀ ਤੋਂ ਪੀੜਤ ਦੱਸੇ ਜਾ ਰਹੇ ਹਨ ਅਤੇ ਸਾਹ ਲੈਣ ਵਿੱਚ ਵੀ ਤਕਲੀਫ਼ ਹੋ ਰਹੀ ਹੈ।