Home ਕਰੋਨਾ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ 1 ਅਪ੍ਰੈਲ ਤੋਂ ਲੱਗੇਗਾ ਕੋਰੋਨਾ ਟੀਕਾ

45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ 1 ਅਪ੍ਰੈਲ ਤੋਂ ਲੱਗੇਗਾ ਕੋਰੋਨਾ ਟੀਕਾ

0
45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ 1 ਅਪ੍ਰੈਲ ਤੋਂ ਲੱਗੇਗਾ ਕੋਰੋਨਾ ਟੀਕਾ

ਨਵੀਂ ਦਿੱਲੀ, 23 ਮਾਰਚ (ਹਮਦਰਦ ਨਿਊਜ਼ ਸਰਵਿਸ) : ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਵਿਰੁੱਧ ਲੜਾਈ ‘ਚ ਇਕ ਵੱਡਾ ਫ਼ੈਸਲਾ ਲਿਆ ਹੈ। 1 ਅਪ੍ਰੈਲ ਤੋਂ ਦੇਸ਼ ‘ਚ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਕੋਰੋਨਾ ਵਾਇਰਸ ਦਾ ਟੀਕਾ ਲਗਾਇਆ ਜਾਵੇਗਾ। ਕੇਂਦਰੀ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਇਸ ਫ਼ੈਸਲੇ ਨੂੰ ਮਨਜ਼ੂਰੀ ਦੇ ਦਿੱਤੀ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਮੰਤਰੀ ਮੰਡਲ ਦੇ ਫ਼ੈਸਲਿਆਂ ਬਾਰੇ ਦੱਸਦਿਆਂ ਇਹ ਜਾਣਕਾਰੀ ਦਿੱਤੀ। ਜਾਵਡੇਕਰ ਨੇ ਕਿਹਾ ਕਿ ਕੋਰੋਨਾ ਟੀਕਾ ਸਾਰੇ ਲੋਕਾਂ ਲਈ ਜ਼ਰੂਰੀ ਹੈ ਅਤੇ ਇਸ ਦੇ ਲਈ ਸਾਰੇ ਯੋਗ ਵਿਅਕਤੀ ਆਪਣੀ ਰਜਿਸਟ੍ਰੇਸ਼ਨ ਕਰਵਾਉਣ।
ਉਨ੍ਹਾਂ ਕਿਹਾ ਕਿ ਕੋਰੋਨਾ ਵਿਰੁੱਧ ਲੜਾਈ ‘ਚ ਇਹ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਸਾਨੂੰ ਘੱਟੋ-ਘੱਟ ਇਕ ਤੋਂ ਡੇਢ ਸਾਲ ਹੋਰ ਮਾਸਕ ਲਗਾਉਣ ਦੀ ਲੋੜ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਸਮੇਂ ਕੋਰੋਨਾ ਨਾਲ ਲੜਾਈ ਨੂੰ ਢਿੱਲ ਨਹੀਂ ਦਿੱਤੀ ਜਾ ਸਕਦੀ। ਇਸ ਸਮੇਂ ਦੇਸ਼ ਭਰ ‘ਚ 60 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕ ਟੀਕਾ ਲਗਵਾ ਰਹੇ ਹਨ, ਜਦਕਿ 45 ਸਾਲ ਤੋਂ ਵੱਧ ਉਮਰ ਦੇ ਉਨ੍ਹਾਂ ਲੋਕਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ, ਜੋ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਹਨ।
ਕਈ ਹੋਰ ਟੀਕਿਆਂ ਨੂੰ ਛੇਤੀ ਮਿਲ ਸਕਦੀ ਹੈ ਮਨਜ਼ੂਰੀ
ਕੇਂਦਰੀ ਮੰਤਰੀ ਨੇ ਕੋਰੋਨਾ ਟੀਕੇ ਦੀ ਕਮੀ ਦੇ ਸਵਾਲ ‘ਤੇ ਕਿਹਾ ਕਿ ਦੇਸ਼ ‘ਚ ਟੀਕੇ ਕਾਫ਼ੀ ਹਨ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਪੜਾਅਵਾਰ ਟੀਕਾ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦੇ ਹਰੇਕ ਸ਼ਖ਼ਸ ਨੂੰ ਤੁਰੰਤ ਕੋਰੋਨਾ ਟੀਕੇ ਲਈ ਰਜਿਸਟ੍ਰੇਸ਼ਨ ਕਰਵਾਉਣੀ ਚਾਹੀਦੀ ਹੈ ਅਤੇ ਕੋਰੋਨਾ ਟੀਕਾ ਲਗਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ‘ਚ ਹੋਰ ਬਹੁਤ ਸਾਰੇ ਕੋਰੋਨਾ ਟੀਕੇ ਟ੍ਰਾਇਲ ਪੜਾਅ ਅਧੀਨ ਹਨ ਅਤੇ ਉਨ੍ਹਾਂ ਨੂੰ ਛੇਤੀ ਹੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
ਕੋਵਿਸ਼ਿਲਡ ਟੀਕੇ ਦੀਆਂ ਦੋ ਖੁਰਾਕਾਂ ਵਿਚਲਾ ਅੰਤਰ 4 ਤੋਂ 8 ਹਫ਼ਤਿਆਂ ਦਾ ਹੋਵੇਗਾ :
ਇਸ ਦੌਰਾਨ ਪ੍ਰਕਾਸ਼ ਜਾਵਡੇਕਰ ਨੇ ਕੋਵਿਸ਼ੀਲਡ ਟੀਕੇ ਦੀਆਂ ਦੋ ਖੁਰਾਕਾਂ ਵਿਚਲੇ ਅੰਤਰ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਵਿਸ਼ਵ ਭਰ ਦੇ ਵਿਗਿਆਨੀਆਂ ਅਤੇ ਮਾਹਰਾਂ ਦੀ ਰਾਇ ਦੇ ਅਧਾਰ ‘ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੋਵਿਸ਼ੀਲਡ ਟੀਕੇ ਦੀ ਦੂਜੀ ਖੁਰਾਕ 4 ਤੋਂ 8 ਹਫ਼ਤਿਆਂ ਦੇ ਵਿਚਕਾਰ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੇ ਆਪ ਨੂੰ ਕੋਰੋਨਾ ਟੀਕੇ ਲਈ ਰਜਿਸਟਰ ਕਰਵਾਉਣ, ਕਿਉਂਕਿ ਇਹ ਕੋਰੋਨਾ ਵਿਰੁੱਧ ਇਕਲੌਤਾ ਹਥਿਆਰ ਹੈ। ਦੱਸ ਦਈਏ ਕਿ ਮਹਾਰਾਸ਼ਟਰ, ਪੰਜਾਬ, ਮੱਧ ਪ੍ਰਦੇਸ਼, ਗੁਜਰਾਤ ਸਮੇਤ ਕਈ ਸੂਬਿਆਂ ‘ਚ ਪਿਛਲੇ 15 ਦਿਨਾਂ ‘ਚ ਕੋਰੋਨਾ ਦੀ ਰਫ਼ਤਾਰ ਕਾਫ਼ੀ ਤੇਜ਼ ਹੋ ਗਈ ਹੈ।