
ਨਵੀਂ ਦਿੱਲੀ, 5 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ 8 ਅਪ੍ਰੈਲ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੇ ਮੁੱਖ ਮੰਤਰੀਆਂ ਨਾਲ ਇਹ ਮੁਲਾਕਾਤ ਅਜਿਹੇ ਸਮੇਂ ਹੋ ਰਹੀ ਹੈ, ਜਦੋਂ ਕੁਝ ਸੂਬਿਆਂ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਸਮੇਂ ਕੁਝ ਸੂਬਿਆਂ ਨੇ ਕੋਰੋਨਾ ਨੂੰ ਰੋਕਣ ਲਈ ਨਾਈਟ ਕਰਫ਼ਿਊ ਜਿਹੇ ਫ਼ੈਸਲੇ ਲਏ ਹਨ। ਐਤਵਾਰ ਨੂੰ ਮਹਾਰਾਸ਼ਟਰ ਤੇ ਉੱਤਰ ਪ੍ਰਦੇਸ਼ ‘ਚ ਕੋਰੋਨਾ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਐਤਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਇਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ‘ਚ ਕੋਰੋਨਾ ਅਤੇ ਟੀਕਾਕਰਨ ਨਾਲ ਜੁੜੇ ਮੁੱਦਿਆਂ ਉੱਤੇ ਵਿਚਾਰ-ਵਟਾਂਦਰੇ ਕੀਤੇ ਗਏ। ਇਸ ਮੀਟਿੰਗ ‘ਚ ਕੈਬਨਿਟ ਸਕੱਤਰ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ, ਸਿਹਤ ਸਕੱਤਰ ਅਤੇ ਡਾ. ਵਿਨੋਦ ਪੌਲ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਪਿਛਲੇ 24 ਘੰਟੇ ‘ਚ ਦੇਸ਼ ‘ਚ ਕੋਰੋਨਾ ਵਾਇਰਸ ਦੇ 1,03,558 ਮਾਮਲੇ ਸਾਹਮਣੇ ਆਏ ਹਨ। ਇਹ ਇਕ ਦਿਨ ‘ਚ ਸਾਹਮਣੇ ਆਉਣ ਵਾਲੇ ਹੁਣ ਤੱਕ ਦੇ ਸਭ ਤੋਂ ਵੱਧ ਮਾਮਲੇ ਹਨ। ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ‘ਚ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ ਕੁੱਲ 1 ਕਰੋੜ 25 ਲੱਖ 89 ਹਜ਼ਾਰ 067 ਹੋ ਗਈ ਹੈ। ਇਸ ਨਾਲ ਪਿਛਲੇ 24 ਘੰਟੇ ਦੌਰਾਨ 478 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1,65,101 ਹੋ ਗਈ ਹੈ।
ਨਵੇਂ ਕੇਸਾਂ ‘ਚੋਂ 81.90 ਫ਼ੀਸਦੀ ਕੇਸ ਮਹਾਰਾਸ਼ਟਰ, ਛੱਤੀਸਗੜ੍ਹ, ਕਰਨਾਟਕ, ਉੱਤਰ ਪ੍ਰਦੇਸ਼, ਦਿੱਲੀ, ਤਾਮਿਲਨਾਡੂ, ਮੱਧ ਪ੍ਰਦੇਸ਼ ਤੇ ਪੰਜਾਬ ਦੇ ਹਨ। ਇਨ੍ਹਾਂ ਸੂਬਿਆਂ ‘ਚ ਲਾਗ ਦੇ ਮਾਮਲਿਆਂ ‘ਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ‘ਚ ਸਭ ਤੋਂ ਵੱਧ ਕੋਰੋਨਾ ਕੇਸ ਹਨ। ਮਹਾਰਾਸ਼ਟਰ ‘ਚ ਇੱਕ ਦਿਨ ‘ਚ ਸਭ ਤੋਂ ਵੱਧ 57,074 ਨਵੇਂ ਕੇਸ ਸਾਹਮਣੇ ਆਏ। ਇਸ ਤੋਂ ਬਾਅਦ ਛੱਤੀਸਗੜ੍ਹ ‘ਚ 5250 ਅਤੇ ਕਰਨਾਟਕ ‘ਚ 4553 ਨਵੇਂ ਮਾਮਲੇ ਸਾਹਮਣੇ ਆਏ ਹਨ।
ਇਸ ਸਮੇਂ 7,41,830 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 5.89 ਫ਼ੀਸਦੀ ਹੈ। ਪਿਛਲੇ 24 ਘੰਟੇ ‘ਚ ਠੀਕ ਹੋ ਚੁੱਕੇ ਕੇਸਾਂ ‘ਚ 50,233 ਦਾ ਵਾਧਾ ਹੋਇਆ ਹੈ। ਅੰਕੜਿਆਂ ਅਨੁਸਾਰ ਮਹਾਰਾਸ਼ਟਰ, ਛੱਤੀਸਗੜ੍ਹ, ਪੰਜਾਬ, ਕਰਨਾਟਕ, ਦਿੱਲੀ, ਤਾਮਿਲਨਾਡੂ, ਮੱਧ ਪ੍ਰਦੇਸ਼, ਗੁਜਰਾਤ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਕੇਰਲ ‘ਚ ਨਵੇਂ ਕੇਸ ਵੱਧ ਰਹੇ ਹਨ।
